ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ

ਪਟਿਆਲਾ 4 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ  ਹਲਕੇ ਦੇ  ਮਿਊਸਪਲ ਕੌਂਸਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਦੌਰਾਨ ਹਲਕੇ  ਵਿੱਚ ਚੱਲ ਰਹੀਆਂ ਬੁਨਿਆਦੀ ਸੁਵਿਧਾਵਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਕੌਂਸਲਰਾਂ ਵੱਲੋਂ ਸੜਕਾਂ ਦੀ ਮੰਦ ਹਾਲਤ, ਸੀਵਰੇਜ ਪ੍ਰਣਾਲੀ ਵਿੱਚ ਆ ਰਹੀਆਂ ਦਿੱਕਤਾਂ ਅਤੇ ਸਟ੍ਰੀਟ ਲਾਈਟਾਂ ਦੀ ਕਮੀ ਸਬੰਧੀ ਮੁੱਦੇ ਉਠਾਏ ਗਏ, ਜਿਨ੍ਹਾਂ ਨੂੰ ਸਿਹਤ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਸਖ਼ਤ ਹਦਾਇਤ ਦਿੱਤੀ ਅਤੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸਾਰੇ ਵਿਭਾਗਾਂ ਨੂੰ ਮਿਲਜੁਲ ਕੇ ਯਤਨ ਕਰਨੇ ਚਾਹੀਦੇ ਹਨ। ਓਹਨਾ ਕਿਹਾ ਕਿ ਜਿਹੜੇ ਠੇਕੇਦਾਰ ਕੰਮ ਵਿੱਚ ਕੁਤਾਹੀ ਕਰਦੇ ਹਨ, ਉਹਨਾਂ ਨੂੰ ਬਲੈਕਲਿਸਟ ਕੀਤਾ ਜਾਵੇ।

ਸਿਹਤ ਮੰਤਰੀ ਨੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਹੱਲ ਕਰਦੇ ਹੋਏ ਬਾਕੀਆਂ ਲਈ ਸਮਾਂ-ਬੱਧ ਯੋਜਨਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਓਹਨਾ ਨੇ ਬਰਸਾਤਾਂ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਅਤੇ ਪੱਕਾ ਕਰਨ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਅਤੇ ਲੁੱਕ ਪਾਉਣ ਲਈ ਵੀ ਨਿਰਧਾਰਤ ਸਮਾਂ ਸੀਮਾ ਤੈਅ ਕੀਤੀ।

ਮੀਟਿੰਗ ਦੌਰਾਨ ਐਲ ਐਂਡ ਟੀ ਨਾਲ ਜੁੜੇ ਪ੍ਰੋਜੈਕਟਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ, ਸ਼ਹਿਰ ਵਿੱਚ ਚੱਲ ਰਹੀਆਂ ਡੇਅਰੀਆਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਹਤ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਡੇਅਰੀ ਮਾਲਕਾਂ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਲਈ ਤੁਰੰਤ ਨੋਟਿਸ ਜਾਰੀ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦਾ ਜਾਵੇ।

Scroll to Top