ਦਿੱਲੀ, 30 ਜੂਨ : ਸੁਪਰੀਮ ਕੋਰਟ ਨੇ ਭਾਰਤ ਭੂਸ਼ਣ ਤਿਵਾਰੀ ਦੀ ਕਥਿਤ ਗੈਰ-ਨਿਆਇਕ ਹੱਤਿਆ ਦੀ ਸੁਤੰਤਰ ਜਾਂਚ ਕਰਵਾਉਣ ਸੰਬੰਧੀ ਦਾਇਰ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਇਸ ਮਾਮਲੇ ਵਿੱਚ ਰਾਹਤ ਲਈ ਪਟਨਾ ਹਾਈ ਕੋਰਟ ਦਾ ਰੁਖ ਕਰਨ ਦੀ ਛੂਟ ਦਿੱਤੀ।
ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਨਹੀਂ ਹੋਵੇਗੀ ਅਤੇ ਪਟੀਸ਼ਨਕਰਤਾ ਸੰਬੰਧਿਤ ਹਾਈ ਕੋਰਟ ਕੋਲ ਜਾਣ ਲਈ ਆਜ਼ਾਦ ਹੈ।
ਜਿਕਰਯੋਗ ਹੈ ਕਿ ਭੋਜਪੁਰ ਜ਼ਿਲ੍ਹੇ ਦੇ ਬਿਲੌਟੀ ਪਿੰਡ ਦੇ ਰਹਿਣ ਵਾਲੇ ਭਾਰਤ ਭੂਸ਼ਣ ਤਿਵਾਰੀ ਦੀ 17 ਜੂਨ ਨੂੰ ਮੌਤ ਹੋ ਗਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਤਿਵਾਰੀ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਆਪਣਾ ਹਥਿਆਰ ਵੀ ਸੁੱਟ ਦਿੱਤਾ ਸੀ, ਇਸ ਦੇ ਬਾਵਜੂਦ ਉਸ ਨੂੰ ਗੋਲੀ ਮਾਰ ਦਿੱਤੀ ਗਈ।
ਇਸ ਘਟਨਾ ਨੂੰ ਲੈ ਕੇ ਬਿਹਾਰ ਸਰਕਾਰ ਪਹਿਲਾਂ ਹੀ ਨਿਆਂਇਕ ਜਾਂਚ ਦੇ ਹੁਕਮ ਜਾਰੀ ਕਰ ਚੁੱਕੀ ਹੈ। ਸਰਕਾਰ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਸੀ ਕਿ ਪੂਰੇ ਮਾਮਲੇ ਦੀ ਜਾਂਚ ਨਿਆਂਇਕ ਪੱਧਰ ‘ਤੇ ਕਰਵਾਈ ਜਾਵੇਗੀ।
ਇਹ ਜਨਹਿੱਤ ਪਟੀਸ਼ਨ ਐਡਵੋਕੇਟ ਵਿਸ਼ਾਲ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਪਟੀਸ਼ਨਕਰਤਾ ਚਾਹੇ ਤਾਂ ਪਟਨਾ ਹਾਈ ਕੋਰਟ ਵਿੱਚ ਆਪਣੀ ਅਰਜ਼ੀ ਦਾਇਰ ਕਰ ਸਕਦਾ ਹੈ।