ਨਵੀਂ ਦਿੱਲੀ, 23 ਦਸੰਬਰ : ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਬੰਗਲਾਦੇਸ਼ ਸਰਕਾਰ ਨੇ ਭਾਰਤ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਬਣ ਰਹੇ ਤਣਾਅਪੂਰਨ ਹਾਲਾਤਾਂ ਦੇ ਦਰਮਿਆਨ ਬੰਗਲਾਦੇਸ਼ ਸਰਕਾਰ ਨੇ ਇਹ ਫੈਸਲਾ ਕੀਤਾ ਹੈ।
ਜਾਣਕਾਰੀ ਅਨੁਸਾਰ ਸੂਤਰਾਂ ਅਨੁਸਾਰ ਦੋਵਾਂ ਥਾਵਾਂ ’ਤੇ ਬੰਗਲਾਦੇਸ਼ੀ ਮਿਸ਼ਨਾਂ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਸਨ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਬੰਗਲਾਦੇਸ਼ੀ ਪ੍ਰਸ਼ਾਸਨ ਨੇ ਆਪਣੇ ਕਰਮਚਾਰੀਆਂ ਅਤੇ ਦਫ਼ਤਰਾਂ ਦੀ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਇਹ ਫੈਸਲਾ ਲਿਆ ਹੈ।
ਨਵੀਂ ਦਿੱਲੀ ਸਥਿਤ ਬੰਗਲਾਦੇਸ਼ ਹਾਈ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਕ ਸੁਰੱਖਿਆ ਸੰਬੰਧੀ ਕਾਰਨਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।
ਹਾਈ ਕਮਿਸ਼ਨ ਨੇ ਜਨਤਕ ਨੋਟਿਸ ਰਾਹੀਂ ਦੱਸਿਆ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਅਗਲੇ ਹੁਕਮਾਂ ਤੱਕ ਸਾਰੀਆਂ ਕਿਸਮਾਂ ਦੀਆਂ ਵੀਜ਼ਾ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ। ਇਸ ਫੈਸਲੇ ਤੋਂ ਪਹਿਲਾਂ ਤ੍ਰਿਪੁਰਾ ਦੀ ਰਾਜਧਾਨੀ ਅਗਰਤਲਾ ਵਿੱਚ ਸਥਿਤ ਬੰਗਲਾਦੇਸ਼ ਦੇ ਸਹਾਇਕ ਹਾਈ ਕਮਿਸ਼ਨ ਨੇ ਵੀ ਵੀਜ਼ਾ ਸੇਵਾਵਾਂ ਬੰਦ ਕਰਨ ਦਾ ਐਲਾਨ ਕੀਤਾ ਸੀ।