ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਵਧਾਈਆਂ
ਨਵੀਂ ਦਿੱਲੀ, 24 ਨਵੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿਥੇ ਹਰ ਪਾਸੇ ਉਤਸਾਹ ਨਾਲ ਇਸ ਦਿਵਸ ਨੂੰ ਮਨਾਇਆ ਜਾ ਰਿਹਾ ਹੈ, ਉਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੌਕੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।
ਉਨਾ ਸੰਦੇਸ਼ਾਂ ਰਾਹੀਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਏਕਤਾ, ਸੱਚਾਈ, ਦਇਆ, ਬਰਾਬਰੀ ਅਤੇ ਨਿਸ਼ਕਾਮ ਸੇਵਾ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾ ਰਿਹਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਆਪਸੀ ਵੈਰ-ਵਿਰੋਧ ਤੋਂ ਉੱਪਰ ਉੱਠ ਕੇ ਪਿਆਰ, ਸਦਭਾਵਨਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਨਾ ਦਿੰਦੀਆਂ ਹਨ।
ਇਸ ਪਵਿੱਤਰ ਦਿਹਾੜੇ ਮੌਕੇ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਸਾਹਿਬ ਨੂੰ ਨਮਨ ਕਰਦਿਆਂ ਸੰਗਤਾਂ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਸਮੇਤ ਕਈ ਆਗੂਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਦੱਸਿਆ।