ਪਟਿਆਲਾ, 27 ਦਸੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਮਿਸਾਲ ਅਤੇ ਅਦੁੱਤੀ ਕੁਰਬਾਨੀ ਸਿਰਫ਼ ਪੰਜਾਬੀਆਂ ਅਤੇ ਭਾਰਤ ਵਾਸੀਆਂ ਲਈ ਹੀ ਨਹੀਂ, ਸਗੋਂ ਸੰਸਾਰ ਭਰ ਦੀ ਮਨੁੱਖਤਾ ਲਈ ਵੀ ਪ੍ਰੇਰਣਾ ਦਾ ਸਰੋਤ ਹੈ।
ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹਾਦਤਾਂ ਇਤਿਹਾਸ ਵਿੱਚ ਅਦੁਤੀ ਸਥਾਨ ਰੱਖਦੀਆਂ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ੁਲਮ, ਤਾਨਾਸ਼ਾਹੀ ਅਤੇ ਬੇਇਨਸਾਫੀ ਦੇ ਖ਼ਿਲਾਫ਼ ਡਟ ਕੇ ਖੜ੍ਹਨ ਅਤੇ ਲੜਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ ਅਤੇ ਸੰਸਾਰ ਨੂੰ ਜ਼ੁਲਮਾਂ ਦੇ ਖ਼ਿਲਾਫ਼ ਨਿਡਰ ਹੋ ਕੇ ਖੜ੍ਹਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਦੀ ਪ੍ਰਤੀਕ ਹੈ।
ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜੁਲਮੀ ਸ਼ਾਸਨ ਅੱਗੇ ਨਾ ਝੁੱਕ ਕੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਮਨੁੱਖਤਾ ਨੂੰ ਬੇਇਨਸਾਫ਼ੀ ਅਤੇ ਜਬਰ-ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਗਈ। ਬਰਸਟ ਨੇ ਕਿਹਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ। ਉਨ੍ਹਾਂ ਪਰਮਾਤਮਾ ਤੋਂ ਪੰਜਾਬ ਦੀ ਚੜ੍ਹਦੀਕਲਾ, ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਰਦਾਸ ਕੀਤੀ ਹੈ।