ਪੰਚਕੂਲਾ, 30 ਮਈ : ਹਰਿਆਣਾ ਅੰਦਰ ਸਿਹਤ ਸੇਵਾਵਾਂ ਲਈ 100 ਕਰੋੜ ਦੇ ਪ੍ਰੋਜੈਕਟਾਂ ਦੀ ਸੁਰੂਆਤ ਹੋ ਗਈ ਹੈ, ਜਿਸਦਾ ਨੀਹ ਪੱਥਰ ਅੱਜ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਰੱਖਿਆ।
ਜਿਕਰਯੋਗ ਹੈ ਕਿ ਸਮਾਗਮ ਦੌਰਾਨ ਸੂਬੇ ਦੀਆਂ ਕਈ ਸਿਹਤ ਸੰਸਥਾਵਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਦਕਿ ਕਈ ਨਵੇਂ ਪ੍ਰੋਜੈਕਟਾਂ ਦੀ ਨੀਂਹ ਵੀ ਰੱਖੀ ਗਈ। ਇਸ ਨਾਲ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਖੇਤਰਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ ਦੀ ਸਹੂਲਤ ਮਿਲੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰਿਆਣਾ ਦੇ ਹਰ ਨਾਗਰਿਕ ਤੱਕ ਵਧੀਆ ਅਤੇ ਆਧੁਨਿਕ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਹੀ ਖੁਸ਼ਹਾਲ ਸੂਬੇ ਦੀ ਨੀਂਹ ਹੁੰਦਾ ਹੈ ਅਤੇ ਇਸੇ ਸੋਚ ਨਾਲ ਸਿਹਤ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਹੀ ਜ਼ਿਲ੍ਹਾ ਹਸਪਤਾਲਾਂ ਵਿੱਚ ਮਹਿਲਾਵਾਂ ਲਈ ਖਾਸ ਕਲੀਨਿਕਾਂ ਦੀ ਸ਼ੁਰੂਆਤ, ਐਮਆਰਆਈ ਅਤੇ ਸੀਟੀ ਸਕੈਨ ਵਰਗੀਆਂ ਆਧੁਨਿਕ ਜਾਂਚ ਸੇਵਾਵਾਂ ਦਾ ਵਿਸਥਾਰ ਅਤੇ ਹੋਰ ਮੈਡੀਕਲ ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ। ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ। ਸਮਾਗਮ ਵਿੱਚ ਸਿਹਤ ਮੰਤਰੀ ਆਰਤੀ ਸਿੰਘ ਰਾਓ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਸਮੇਤ ਕਈ ਹੋਰ ਅਧਿਕਾਰੀ ਵੀ ਮੌਜੂਦ ਰਹੇ।