500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਕਰਵਾਇਆ ਜਾਣੂ
ਪਟਿਆਲਾ, 11 ਸਤੰਬਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਪਟਿਆਲਾ ਦਿਹਾਤੀ ਹਲਕੇ ਵਿਖੇ 500 ਡਰੋਨਾਂ ਦੇ ਸ਼ਾਨਦਾਰ ਸ਼ੋਅ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਤੇ ਫ਼ਲਸਫ਼ੇ ਤੋਂ ਜਾਣੂੰ ਕਰਵਾਇਆ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ ਸਮੇਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪਟਿਆਲਾ ਦਿਹਾਤੀ ਹਲਕੇ ‘ਚੋਂ ਵੱਡੀ ਗਿਣਤੀ ਪੁੱਜੀ ਸੰਗਤ ਨੇ ਇਸ ਦਿਲਕਸ਼ ਡਰੋਨ ਸ਼ੋਅ ਦਾ ਬੜੀ ਸ਼ਰਧਾ ਭਾਵਨਾ ਨਾਲ ਅਨੰਦ ਮਾਣਿਆ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਕੇ ਸਭ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।
ਇੱਥੇ ਅਨਾਜ ਮੰਡੀ ਵਿਖੇ ਅਸਮਾਨ ਵਿੱਚ ਰਾਤ ਦੇ ਹਨੇਰੇ ‘ਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਰਸਾਉਂਦੇ ਦਿਲਕਸ਼ ਦ੍ਰਿਸ਼ ਪੇਸ਼ ਕੀਤੇ ਗਏ। ਇਸ ਸ਼ਾਨਦਾਰ ਸ਼ੋਅ ਨੂੰ ਦੇਖਦਿਆਂ ਮੰਤਰ ਮੁਗਧ ਹੋਈ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਇਸ ਮੌਕੇ ਸੰਗਤ ਵੱਲੋਂ ਦਿਖਾਏ ਗਏ ਉਤਸ਼ਾਹ ਲਈ ਧੰਨਵਾਦ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਡਰੋਨ ਸ਼ੋਅ ਵਾਲੀ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਰਾਤ ਦੇ ਅਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕਰਨ ਦਾ ਉਪਰਾਲਾ ਕੀਤਾ ਗਿਆ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਗੁਰੂ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਇਹ ਸੰਦੇਸ਼ ਦਿੱਤਾ ਕਿ ਮਨੁੱਖ ਦੀ ਮਹਾਨਤਾ ਉਸਦੇ ਜਨਮ ਜਾਂ ਕੁਲ ਵਿੱਚ ਨਹੀਂ, ਸਗੋਂ ਉਸਦੇ ਚੰਗੇ ਕਰਮਾਂ, ਉੱਚੇ ਆਚਰਣ ਅਤੇ ਮਾਨਵਤਾ ਪ੍ਰਤੀ ਸਮਰਪਣ ਵਿੱਚ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।