ਮੀਂਹ ਅਤੇ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਲਈ ਮੀਟਿੰਗ ਕਰਕੇ ਕੀਤੀ ਜਾਵੇਗੀ ਗ੍ਰਹਿ ਮੰਤਰੀ ਵਲੋਂ ਸਮੀਖਿਆ
ਚੰਡੀਗੜ੍ਹ, 23 ਜੂਨ ()- ਮੌਨਸੂਨ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਹੜ੍ਹਾਂ ਨਾਲ ਨਜਿੱਠਣ ਲਈ ਜਿਥੇ ਕੇਂਦਰੀ ਗ੍ਰਹਿ ਮੰਤਰੀ ਭਾਰਤ ਸਰਕਾਰ ਅਮਿਤ ਸ਼ਾਹ ਤਿਆਰੀਆਂ ਦਾ ਜਾਇਜ਼ਾ ਲੈਣਗੇ, ਉਥੇ ਇਹ ਵੀ ਗੱਲ ਸਪੱਸ਼ਟ ਹੈ ਕਿ ਹਰ ਸਾਲ ਬਾਰਸ਼ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਬਿਹਾਰ, ਆਸਾਮ ਅਤੇ ਹੋਰ ਪੂਰਬੀ ਇਲਾਕਿਆਂ ‘ਚ ਵੱਡੇ ਪੱਧਰ ‘ਤੇ ਹੜ੍ਹ ਵੀ ਆਉਂਦੇ ਹਨ, ਜਿਸ ਨਾਲ ਸੂਬੇ ਦੇ ਸੂਬੇ ਡੁੱਬ ਜਾਂਦੇ ਹਨ।ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗ੍ਰਹਿ ਮੰਤਰੀ ਦੇਸ਼ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਸਮੁੱਚੀ ਤਿਆਰੀ ਦੀ ਸਮੀਖਿਆ ਕਰਨ ਲਈ ਐਤਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ । ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਏਐਸਡੀਐਮਏ) ਦੇ ਬੁਲੇਟਿਨ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਜ ਵਿੱਚ ਪਿਛਲੇ 24 ਘੰਟਿਆਂ ਵਿੱਚ ਦੋ ਮੌਤਾਂ ਹੋਈਆਂ ਹਨ, ਜਿਸ ਨਾਲ ਇਸ ਸਾਲ ਦੇ ਹੜ੍ਹਾਂ, ਜ਼ਮੀਨ ਖਿਸਕਣ ਅਤੇ ਤੂਫਾਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 39 ਹੋ ਗਈ ਹੈ । ਹਾਲਾਂਕਿ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਇਸ ਸਮੇਂ 12 ਜ਼ਿਲ੍ਹਿਆਂ ਵਿੱਚ 2,63,452 ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹਨ। ਰਾਜ ਵਿੱਚ 134 ਰਾਹਤ ਕੈਂਪ ਬਣਾਏ ਗਏ ਹਨ, ਜਿਨ੍ਹਾਂ ਵਿੱਚ 17,661 ਲੋਕਾਂ ਨੂੰ ਪਨਾਹ ਦਿੱਤੀ ਗਈ ਹੈ ।