ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦੇ ਵਿਦਿਆਰਥੀਆਂ ਜੋਨ ਪੱਧਰੀ ਦੀਆਂ ਖੇਡਾਂ ਚ ਹੂੰਝਾ ਫੇਰ ਜਿੱਤ
ਨਾਭਾ 17 ਅਗਸਤ () ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਜਿੱਥੇ ਪੜ੍ਹਾਈ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਹਾਸਿਲ ਕਰਦਾ ਆ ਰਿਹਾ ਹੈ, ਉੱਥੇ ਖੇਡਾਂ ਵਿੱਚ ਵੀ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਆਪਣਾ ਦਬਦਬਾ ਬਰਕਰਾਰ ਰੱਖਿਆ ਹੈ।ਹਾਲ ਹੀ ਸਮਾਪਤ ਹੋਈਆਂ ਜੋਨ ਪੱਧਰ ਭਾਦਸੋਂ ਦੀਆਂ ਗਰਮ ਰੁੱਤ ਦੀਆਂ ਖੇਡਾਂ ਵਿੱਚ ਵਿਦਿਆਰਥੀਆਂ ਵੱਲੋਂ ਵਾਲੀਬਾਲ ਮੁਕਾਬਲਿਆਂ ਵਿੱਚ ਮੱਲਾਂ ਮਾਰਦੇ ਹੋਏ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ। ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਜਿਹਨਾਂ ਵਿਚੋਂ ਅੰਡਰ 14, 17 ਅਤੇ 19 ਲੜਕੀਆਂ ਦੀਆਂ ਟੀਮਾਂ ਵੱਲੋਂ ਪਹਿਲਾ ਸਥਾਨ ਹਾਸਿਲ ਕੀਤਾ ਗਿਆ। ਇਸੇ ਤਰ੍ਹਾਂ ਅੰਡਰ 14 ਅਤੇ 19 ਲੜਕਿਆਂ ਦੀਆਂ ਟੀਮਾਂ ਵੱਲੋਂ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਦਾ ਸਿਹਰਾ ਸਕੂਲ ਦੇ ਸਿਰ ਬੰਨਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਰਵਿੰਦਰ ਸਿੰਘ ਮੂੰਗੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਬੱਚਿਆਂ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ। ਉਹਨਾਂ ਨੇ ਸਕੂਲ ਦੇ ਡੀਪੀ. ਸ. ਧਨਵੰਤ ਸਿੰਘ ਦੀ ਮਿਹਨਤ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਗੁਰਦੀਪ ਕੌਰ ਨੇ ਹੋਰਨਾਂ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਮਹੱਤਵ ਬਾਰੇ ਦੱਸਿਆ। ਉਹਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ।