ਪਟਿਆਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਜ਼ਾਦੀ ਘੁਲਾਟੀਆਂ ਦੀ ਸੂਬਾ ਜਥੇਬੰਦੀ ਨੇ ਦਿੱਤਾ ਮੈਮੋਰੰਡਮ
ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਦੀ ਅਗਵਾਈ ਹੇਠ ਮੁੱਖ ਮੰਤਰੀ ਨੂੰ ਸਨਮਾਨ ਸਹੂਲਤਾਂ ਸਬੰਧੀ ਜਾਣੂ ਕਰਵਾਇਆ : ਸੋਨੀ ਧਾਲੀਵਾਲ
ਪਟਿਆਲਾ : ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ । ਮੁੱਖ ਮੰਤਰੀ ਦੀ ਸਟੇਜ ਦੇ ਨਾਲ ਬਣਾਏ ਗਏ ਫਰੀਡਮ ਫਾਈਟਰ ਬਲਾਕ ਵਿੱਚ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਨਾਨਕ ਸਿੰਘ ਦੀ ਅਗਵਾਈ ਹੇਠ ਭਾਰੀ ਸੁਰੱਖਿਆ ਹੇਠ ਮੁੱਖ ਮੰਤਰੀ ਨੇ ਸ਼ਿਰਕਤ ਕੀਤੀ । ਇਸ ਦੋਰਾਨ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਮੁੱਖ ਮੰਤਰੀ ਨੂੰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਸਬੰਧੀ ਐਸ ਐਸ ਪੀ ਅਤੇ ਡਿਪਟੀ ਕਮਿਸ਼ਨਰ ਦੀ ਮੋਜੂਦਗੀ ਹੇਠ ਮੈਮੋਰੰਡਮ ਦਿੱਤਾ । ਆਗੂਆਂ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੇ ਤਿੰਨ ਸਾਲ ਬੀਤਣ ਉਪਰੰਤ ਵੀ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਾਰੇ ਮਸਲੇ ਪਹਿਲ ਦੇ ਆਧਾਰ ਤੇ ਵਿਚਾਰੇ ਜਾਣਗੇ । ਉਨ੍ਹਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਸਨਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਾਰੇ ਪਰਿਵਾਰਾਂ ਨਾਲ ਯਾਦਗਾਰੀ ਤਸਵੀਰ ਕਰਾਉਂਦੇ ਹੋਏ ਧੰਨਵਾਦ ਕੀਤਾ । ਇਸ ਮੌਕੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਚਰਨਜੀਤ ਸਿੰਘ ਭੁੱਲਰ,ਗੁਰਇਕਬਾਲ ਸਿੰਘ ਸੰਧੂ, ਰਾਜ ਕੁਮਾਰ ਡਕਾਲਾ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੋਰ ਸੋਹੀ, ਕਮਲਦੀਪ ਸਿੰਘ ਗਿੱਲ, ਰਾਜਿੰਦਰ ਸਿੰਘ ਚਲੈਲਾ ਉਤਰਾਧਿਕਾਰੀ ਮੋਜ਼ੂਦ ਸਨ ।