ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਜਿ਼ਲਾ ਫਰੀਦਕੋਟ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ ਜਰਨੈਲ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸਿ਼ਕਾਇਤ ਦੇ ਆਧਾਰ `ਤੇ ਦਰਜ ਕੀਤਾ ਗਿਆ ਹੈ ।
ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇ. ਈ. ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ । ਸਿ਼ਕਾਇਤਕਰਤਾ ਦੀ ਬੇਨਤੀ `ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਿ਼ਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਿ਼ਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇ. ਈ. ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ । ਜੇ. ਈ. ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ।