ਚੰਡੀਗੜ, 5 ਸਤੰਬਰ : ਪੰਜਾਬ ਅੰਦਰ ਹੜਾਂ ਦੀ ਵੱਡੀ ਆਪਦਾ ਆਉਣ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਤਲੁਜ ਦੇ ਕੰਢਿਆਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਨਾਲ ਹਾਲਾਤ ਹੌਲੇ-ਹੌਲੇ ਸੰਭਲ ਰਹੇ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।
ਉਹ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਹਰੀਵਾਲ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਮਜਬੂਤੀ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਦੱਸਿਆ ਕਿ ਦਰਿਆ ਦੇ ਕੰਢਿਆਂ ਨੂੰ ਜੰਬੋ ਬੈਗਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਇਸ ਕੰਮ ਵਿੱਚ ਪ੍ਰਸ਼ਾਸਨ ਦੇ ਨਾਲ-ਨਾਲ ਨੌਜਵਾਨਾਂ, ਸਮਾਜ ਸੇਵੀ ਸੰਗਠਨਾਂ, ਸੰਤ ਮਹਾਤਮਾ ਅਤੇ ਪਿੰਡ ਵਾਸੀਆਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ। ਬੈਂਸ ਨੇ ਕਿਹਾ ਕਿ ਕਿਸੇ ਵੀ ਇਲਾਕਾ ਵਾਸੀ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀ ਹੈ।