ਦਿੱਲੀ, 3 ਨਵੰਬਰ 2025 : ਤੇਲੰਗਾਨਾ ਦੇ ਰੰਗਾ ਰੈੱਡੀ ਜ਼ਿਲ੍ਹੇ ਵਿੱਚ ਅੱਜ ਇਕ ਭਿਆਨਕ ਸੜਕ ਹਾਦਸਾ ਹੋਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ, ਜਿਸਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਦੁਖਦ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਮਰਨ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ ਹੈ।
ਉਨ੍ਹਾਂ ਨੇ ਐਲਾਨ ਕੀਤਾ ਕਿ ਹਾਦਸੇ ਵਿੱਚ ਮਾਰੇ ਗਏ ਹਰ ਵਿਅਕਤੀ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
ਜਿਕਰਯੋਗ ਹੈ ਕਿ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਤੇ ਚਾਰ ਹੋਰ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ। ਇਹ ਦੁਰਘਟਨਾ ਚੇਵੇਲਾ ਇਲਾਕੇ ਨੇੜੇ ਵਾਪਰੀ, ਜਦੋਂ ਬੱਜਰੀ ਨਾਲ ਲੋਡ ਟਿੱਪਰ ਟਰੱਕ ਦੀ ਆਰਟੀਸੀ (RTC) ਦੀ ਬੱਸ ਨਾਲ ਸਿੱਧੀ ਟੱਕਰ ਹੋ ਗਈ। ਟੱਕਰ ਇਤਨੀ ਜ਼ੋਰਦਾਰ ਸੀ ਕਿ ਟਰੱਕ ਵਿਚਲੀ ਬੱਜਰੀ ਬੱਸ ਉੱਤੇ ਆ ਡਿੱਗੀ, ਜਿਸ ਨਾਲ ਭਾਰੀ ਤਬਾਹੀ ਹੋਈ। ਪੁਲੀਸ ਦੇ ਅਨੁਸਾਰ, ਮਰਨ ਵਾਲਿਆਂ ਵਿੱਚ 10 ਔਰਤਾਂ ਸਮੇਤ ਬੱਸ ਦਾ ਡਰਾਈਵਰ ਵੀ ਸ਼ਾਮਲ ਹੈ।