ਦਿੱਲੀ, 10 ਦਸੰਬਰ : ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਵਪਾਰ ਨੂੰ ਲੈ ਕੇ ਗੱਲਬਾਤ ਜਾਰੀ ਹੈ । ‘ਪ੍ਰਵਾਸੀ ਰਾਜਸਥਾਨੀ ਦਿਵਸ’ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੋਇਲ ਨੇ ਕਿਹਾ ਕਿ ਇਹ ਚਰਚਾ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਨੂੰ ਮਜ਼ਬੂਤੀ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੰਤਰੀ ਨੇ ਇਹ ਵੀ ਇਸ਼ਾਰਾ ਦਿੱਤਾ ਕਿ ਉਹ ਜਲਦੀ ਹੀ ਅਮਰੀਕੀ ਅਧਿਕਾਰਤ ਵਫ਼ਦ ਨਾਲ ਮੁਲਾਕਾਤ ਕਰਨਗੇ।
ਉਨ੍ਹਾਂ ਦੱਸਿਆ ਕਿ ਅਮਰੀਕੀ ਵਫ਼ਦ ਇਸ ਵੇਲੇ ਨਵੀਂ ਦਿੱਲੀ ਵਿੱਚ ਹੈ ਅਤੇ ਦੋਵੇਂ ਪੱਖਾਂ ਵਿਚਾਲੇ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਜਾਰੀ ਹੈ।
ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਅਮਰੀਕਾ ਦੇ ਮੁੱਖ ਵਾਰਤਾਕਾਰ ਅਤੇ ਦੱਖਣੀ ਤੇ ਮੱਧ ਏਸ਼ੀਆ ਲਈ ਸਹਾਇਕ ਅਮਰੀਕੀ ਵਪਾਰ ਪ੍ਰਤੀਨਿਧੀ ਬ੍ਰੈਂਡਨ ਲਿੰਚ, ਭਾਰਤ ਦੇ ਮੁੱਖ ਵਾਰਤਾਕਾਰ ਅਤੇ ਵਣਜ ਵਿਭਾਗ ਦੇ ਸੰਯੁਕਤ ਸਕੱਤਰ ਦਰਪਣ ਜੈਨ ਨਾਲ ਗਹਿਰਾਈ ਨਾਲ ਵਾਰਤਾਲਾਪ ਕਰ ਰਹੇ ਹਨ। ਇਹ ਦੌਰਾ ਇਸ ਲਈ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਦੋਵੇਂ ਦੇਸ਼ ਸਮਝੌਤੇ ਦੇ ਪਹਿਲੇ ਪੜਾਅ ਨੂੰ ਜਲਦ ਹੀ ਫ਼ਾਈਨਲ ਕਰਨ ਦੀ ਤਿਆਰੀ ਵਿੱਚ ਹਨ।