ਪਟਿਆਲਾ, 5 ਜਨਵਰੀ – ਪਟਿਆਲਾ ਸ਼ਹਿਰ ਨੂੰ ਸਾਫ਼, ਸੁਥਰਾ ਅਤੇ ਸਿਹਤਮੰਦ ਬਣਾਉਣ ਦੀ ਦਿਸ਼ਾ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਹੁਣ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੇ ਨਿਰਦੇਸ਼ਾਂ ਉਪਰੰਤ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਕੱਲ ਤੋਂ ਸ਼ਹਿਰ ਵਿਚ ਉਲੰਘਣਾ ਕਰਨ ਵਾਲਿਆ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟੇ ਜਾਣਗੇ ।
ਦੱਸਣਯੋਗ ਹੈ ਕਿ ਡੇਅਰੀ ਮਾਲਕਾਂ ਨੂੰ ਪਹਿਲਾ ਹੀ 2 ਜਨਵਰੀ ਤੱਕ ਦਾ ਸਮਾਂ ਸ਼ਿਫਟਿੰਗ ਲਈ ਦਿੱਤਾ ਗਿਆ ਸੀ ਪਰ ਨਿਰਧਾਰਿਤ ਸਮੇਂ ਦੇ ਬਾਵਜੂਦ ਡੇਅਰੀ ਮਾਲਕਾਂ ਨੇ ਆਪਣੀਆਂ ਡੇਅਰੀਆਂ ਸ਼ਹਿਰ ਤੋਂ ਬਾਹਰ ਨਵੇਂ ਡੇਅਰੀ ਪ੍ਰੋਜੈਕਟ ਵਿੱਚ ਸ਼ਿਫਟ ਨਹੀਂ ਕੀਤੀਆਂ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਡੇਅਰੀ ਮਾਲਕਾਂ ਨੂੰ ਨਵੀਂ ਥਾਂ ’ਤੇ ਸਾਰੀਆਂ ਬੁਨਿਆਦੀ ਸਹੂਲਤਾਂ ਜਿਵੇਂ ਪਾਣੀ, ਬਿਜਲੀ, ਸੜਕਾਂ, ਸਟਰੀਟ ਲਾਈਟਾਂ ਅਤੇ ਗੰਦੇ ਪਾਣੀ ਦੀ ਨਿਕਾਸੀ ਉਪਲਬਧ ਕਰਵਾਈਆ ਗਈਆ ਹਨ ਪਰ ਇਸ ਦੇ ਬਾਵਜੂਦ ਜੇਕਰ ਕੋਈ ਡੇਅਰੀ ਮਾਲਕ ਹਾਲੇ ਵੀ ਹੁਕਮਾਂ ਦੀ ਉਲੰਘਣਾ ਕਰ ਰਿਹਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਾ ਨਗਰ ਨਿਗਮ ਦੀ ਜ਼ਿੰਮੇਵਾਰੀ ਬਣਦੀ ਹੈ।
ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਕੱਲ ਤੋਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਸਖ਼ਤੀ ਨਾਲ ਅਮਲ ਵਿੱਚ ਲਿਆਂਦੀ ਜਾਵੇਗੀ। ਜਿਹੜੀਆਂ ਡੇਅਰੀਆਂ ਹਾਲੇ ਵੀ ਸ਼ਹਿਰ ਅੰਦਰ ਚੱਲ ਰਹੀਆਂ ਹਨ, ਉਨ੍ਹਾਂ ਦੇ ਸੀਵਰੇਜ ਅਤੇ ਪਾਣੀ ਦੇ ਕਨੈਕਸ਼ਨ ਤੁਰੰਤ ਕੱਟੇ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਕਾਨੂੰਨੀ ਹੈ ।
ਮੇਅਰ ਅਤੇ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਡੇਅਰੀ ਮਾਲਕਾਂ ਨੂੰ ਕਈ ਵਾਰ ਮੌਕੇ ਦਿੱਤੇ ਗਏ ਸਨ ਅਤੇ ਉਨ੍ਹਾਂ ਨੂੰ ਸ਼ਿਫਟਿੰਗ ਲਈ ਪੂਰਾ ਸਮਾਂ ਦਿੱਤਾ ਗਿਆ। ਕੁਝ ਡਾਇਰੀ ਮਾਲਕਾਂ ਵੱਲੋਂ ਮਾਨਯੋਗ ਅਦਾਲਤ ਦਾ ਰੁੱਖ ਵੀ ਕੀਤਾ ਗਿਆ ਪਰ ਕੋਈ ਫੈਸਲਾ ਡੇਅਰੀ ਮਾਲਕਾ ਦੇ ਹੱਕ ਵਿੱਚ ਨਾ ਆਉਣ ਤੋਂ ਬਾਅਦ ਵੀ ਨਗਰ ਨਿਗਮ ਨੇ ਕਿਸੇ ’ਤੇ ਜ਼ਬਰਦਸਤੀ ਨਹੀਂ ਕੀਤੀ, ਪਰ ਹੁਣ ਸ਼ਹਿਰ ਦੀ ਸਫ਼ਾਈ, ਸਿਹਤ ਅਤੇ ਆਮ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਸਖ਼ਤ ਐਕਸ਼ਨ ਲਾਜ਼ਮੀ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਡੇਅਰੀਆਂ ਕਾਰਨ ਗੰਦਗੀ, ਬਦਬੂ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਸਨ, ਜਿਸ ਨਾਲ ਆਮ ਲੋਕ ਕਾਫ਼ੀ ਸਮੇਂ ਤੋਂ ਪ੍ਰੇਸ਼ਾਨ ਸਨ। ਇਸ ਫੈਸਲੇ ਦੇ ਨਾਲ ਸ਼ਹਿਰ ਵਾਸੀਆਂ ਨੂੰ ਸੀਵਰੇਜ ਬਲੋਕੇਜ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ। ਉਨ੍ਹਾ ਕਿਹਾ ਕਿ ਨਵਾਂ ਡੇਅਰੀ ਪ੍ਰੋਜੈਕਟ ਹੀ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਸਥਾਈ ਹੱਲ ਹੈ।
ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਸਾਰੇ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਨਗਰ ਨਿਗਮ ਨਾਲ ਸਹਿਯੋਗ ਕਰਨ, ਨਹੀਂ ਤਾਂ ਕਾਨੂੰਨ ਅਨੁਸਾਰ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮਿਸ਼ਨਰ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਤੱਕ ਲਗਾਤਾਰ ਜਾਰੀ ਰਹੇਗੀ।