ਪਟਿਆਲਾ, 10 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਐੱਮ.ਡੀ. ਸ੍ਰੀਮਤੀ ਹਰਗੁਨਜੀਤ ਕੌਰ, ਆਈ.ਏ.ਐੱਸ. ਵੱਲੋਂ ਦਿੱਤਾ ਗਿਆ। ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਭਾਸ਼ਣ ਵਿਦਿਆਰਥੀਆਂ ਦੇ ਜੀਵਨ ਵਿੱਚ ਨਵਾਂ ਉਤਸ਼ਾਹ ਭਰਦੇ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਵਰਗੇ ਮੁਕਾਬਲੇ ਦੇ ਇਮਤਿਹਾਨਾਂ ਲਈ ਤਿਆਰ ਹੋਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਸ੍ਰੀਮਤੀ ਹਰਗੁਨਜੀਤ ਕੌਰ ਦੇ ਤਜਰਬਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਵਿਦਿਆਰਥੀ ਕਿਸੇ ਸਫਲ ਅਧਿਕਾਰੀ ਦੇ ਰੂ-ਬ-ਰੂ ਹੁੰਦੇ ਹਨ, ਤਾਂ ਉਨ੍ਹਾਂ ਦੇ ਮਨ ਵਿਚਲੇ ਬਹੁਤ ਸਾਰੇ ਸ਼ੱਕ ਦੂਰ ਹੁੰਦੇ ਹਨ ਅਤੇ ਉਹ ਆਪਣੀ ਮੰਜ਼ਿਲ ਪ੍ਰਤੀ ਵਧੇਰੇ ਸਪੱਸ਼ਟ ਹੋ ਜਾਂਦੇ ਹਨ।
ਉਨ੍ਹਾਂ ਯੂਨੀਵਰਸਿਟੀ ਦੇ ਇਸ ਸਿਖਲਾਈ ਕੇਂਦਰ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਪੇਂਡੂ ਅਤੇ ਪਛੜੇ ਖੇਤਰਾਂ ਦੇ ਹੋਣਹਾਰ ਬੱਚਿਆਂ ਨੂੰ ਵਿਸ਼ਵ ਪੱਧਰੀ ਸਿਖਲਾਈ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਦੇਸ਼ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾ ਸਕਣ।
ਸ੍ਰੀਮਤੀ ਹਰਗੁਨਜੀਤ ਕੌਰ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸਾਡੇ ਕੋਲ ਅਸਲੀਅਤ ਨੂੰ ਸਮਝਣ ਤੇ ਪਛਾਨਣ ਦਾ ਵਿਵੇਕ ਹੋਣਾ ਚਾਹੀਦਾ ਹੈ ਅਤੇ ਜੀਵਨ ਵਿਚ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਗਾਂਹ-ਵਧੂ ਸੋਚਣੀ ਅਤੇ ਮਿਹਨਤ ਸਾਡੇ ਲਈ ਸਫਲਤਾ ਦੇ ਦਰਵਾਜ਼ੇ ਖੋਲ੍ਹਦੇ ਹਨ।
ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਅੰਤ ਵਿੱਚ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਆਪਣੇ ਧੰਨਵਾਦੀ ਸ਼ਬਦ ਪੇਸ਼ ਕੀਤੇ। ਉਨ੍ਹਾਂ ਸੈਂਟਰ ਦੇ ਇਤਿਹਾਸ, ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਕੋਰਸਾਂ ਅਤੇ ਹੋਰ ਯੋਜਨਾਵਾਂ ਬਾਰੇ ਵੀ ਚਾਨਣਾ ਪਾਇਆ।