ਪਟਿਆਲਾ, 3 ਮਾਰਚ : ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿਖੇ 21 ਫਰਵਰੀ ਤੋਂ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ ਬੀਤੀ ਰਾਤ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਪੰਨੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਰਣਜੀਤਾ ਪੰਨੂ, ਵਿਧਾਇਕ ਕੋਹਲੀ ਦੇ ਧਰਮ ਪਤਨੀ ਸਿਮਰਤ ਕੌਰ ਕੋਹਲੀ, ਐਸ ਡੀ ਐਮ ਨਮਨ ਮਾਰਕੰਨ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਇਸ ਮੇਲੇ ਦੀ ਸਫਲਤਾ ਲਈ ਸਹਿਯੋਗ ਕਰਨ ਵਾਲਿਆਂ ਸਮੇਤ ਗਾਇਕ ਆਰ ਨੇਤ ਦਾ ਸਨਮਾਨ ਕੀਤਾ।
ਇਸ ਆਖਰੀ ਸ਼ਾਮ ਵੇਲੇ ਪੰਜਾਬੀ ਗਾਇਕ ਆਰ ਨੇਤ ਦੀ ਗਾਇਕੀ ਨੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕੀਤਾ। ਇਸੇ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵਣਜ ਤੇ ਉਦਯੋਗ ਵਿਭਾਗ, ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਪੰਜਾਬ ਅਤੇ ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਕਰਵਾਏ ਇਸ ਪੰਜਾਬ ਸਖੀ ਸ਼ਕਤੀ ਕਰਾਫਟ ਮੇਲੇ ਨੇ ਦੇਸ਼-ਵਿਦੇਸ਼ ਦੇ ਦਸਤਕਾਰਾਂ ਤੇ ਸ਼ਿਲਪਕਾਰਾਂ ਸਮੇਤ ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ ਨੂੰ ਸਵੈ ਰੋਜ਼ਗਾਰ ਅਤੇ ਆਪਣੀਆਂ ਹੱਥੀਂ ਬਣਾਈਆਂ ਵਸਤਾਂ ਫੁਲਕਾਰੀ, ਚਿੱਕਨ ਸੂਟ, ਲੋਹੇ, ਬਾਂਸ ਤੇ ਲੱਕੜ ਦਾਫਰਨੀਚਰ, ਮਿੱਟੀ ਦੇ ਭਾਂਡੇ, ਆਚਾਰ, ਮੁਰੱਬੇ ਤੇ ਖਾਣ ਪੀਣ ਸਮੇਤ ਹੋਰ ਸਾਜੋ-ਸਮਾਨ ਆਦਿ ਵੇਚਣ ਲਈ ਪਟਿਆਲਾ ਵਿਖੇ ਇੱਕ ਵੱਡਾ ਮੰਚ ਪ੍ਰਦਾਨ ਕੀਤਾ ਹੈ।
ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਇਸ ਵਾਰ ਮਹਿਲਾ ਸ਼ਸ਼ਕਤੀ ਕਰਨ ਅਤੇ ਮਹਿਲਾ ਉਦਮੀਆਂ ਨੂੰ ਉਤਸ਼ਾਹਤ ਕਰਨ ਲਈ ਪਟਿਆਲਾ ਸ਼ਹਿਰ ਵਿੱਚ ਪੰਜਾਬ ਸਖੀ ਸ਼ਕਤੀ ਕਰਾਫਟ ਲਗਾਇਆ ਗਿਆ ਸੀ। ਉਨ੍ਹਾਂ ਨੇ ਇਸ ਦੀ ਸਫਲਤਾ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਏ.ਡੀ.ਸੀ. ਦਮਨਜੀਤ ਸਿੰਘ ਮਾਨ, ਨਮਨ ਮਾਰਕਨ ਸਮੇਤ ਉਨ੍ਹਾਂ ਦੀ ਸਮੁੱਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਟਿਆਲਾ ਅਤੇ ਦੂਰ-ਦੁਰਾਡੇ ਤੋਂ ਮੇਲਾ ਦੇਖਣ ਆਏ ਸੈਲਾਨੀਆਂ ਨੇ ਇਸ ਮੇਲੇ ਵਿੱਚ ਕਾਫ਼ੀ ਦਿਲਚਸਪੀ ਦਿਖਾਉਂਦੇ ਹੋਏ ਖੂਬ ਖ਼ਰੀਦੋ-ਫ਼ਰੋਖ਼ਤ ਕੀਤੀ ਜਿਸ ਤੋਂ ਦਸਤਕਾਰ ਅਤੇ ਸਟਾਲਾਂ ਲਗਾਉਣ ਵਾਲੇ ਸੰਤੁਸ਼ਟ ਹੋਕੇ ਵਾਪਸ ਜਾ ਰਹੇ ਹਨ।
ਏ ਡੀ ਸੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਮੇਲੇ ਨੇ ਪਟਿਆਲਾ ਵਾਸੀਆਂ ਨੂੰ ਜਿਥੇ ਭਾਰਤ ਦੀਆਂ ਪ੍ਰਸਿੱਧ ਦਸਤਕਾਰੀ ਵਸਤਾਂ, ਅਲੱਗ-ਅਲੱਗ ਖੇਤਰਾਂ ਦੇ ਪਕਵਾਨ ਅਤੇ ਵੱਖਰੇ-ਵੱਖਰੇ ਇਲਾਕਿਆਂ ਦੇ ਲੋਕ ਨਾਚਾ ਦਾ ਆਨੰਦ ਮਾਨਣ ਦਾ ਮੌਕਾ ਦਿੱਤਾ ਹੈ, ਉਥੇ ਹੀ ਮਹਿਲਾ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਵੱਲੋਂ ਬਣਾਏ ਸਮਾਨ ਦੀ ਵਿਕਰੀ ਦਾ ਵੀ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਥਾਈਲੈਂਡ ਸਮੇਤ ਅਫ਼ਗਾਨਿਸਤਾਨ ਦੀਆਂ ਸਟਾਲਾਂ ਨੇ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ। ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਕਰਾਫਟ ਮੇਲੇ ਵਿੱਚ ਪੰਜਾਬ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਸੈਲਾਨੀਆਂ ਨੇ ਪਹੁੰਚਕੇ ਇਸ ਕਰਾਫਟ ਮੇਲੇ ਦਾ ਆਨੰਦ ਮਾਣਿਆ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ 4 ਲੱਖ ਦੇ ਕਰੀਬ ਲੋਕਾਂ ਨੇ ਸ਼ਿਰਕਤ ਕਰਕੇ ਇਸ ਮੇਲੇ ਨੂੰ ਸਫਲ ਬਣਾਇਆ ਹੈ।