ਅੰਮ੍ਰਿਤਸਰ , 17 ਮਾਰਚ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ `ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ `ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਨਾਲ ਸੰਬੰਧਤ ਜਗ੍ਹਾ `ਤੇ ਇਸ ਤਰ੍ਹਾਂ ਦੀ ਜਬਰਦਸਤੀ ਕਰਨੀ ਨਾ ਸਿਰਫ਼ ਦੁਖਦਾਈ ਹੈ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀ ਹੈ। ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਰਮਬਾਲਾ ਨੂੰ ਪੁਰਾਣੇ ਸਮੇਂ ਤੋਂ ਮਿਲੀ ਹੋਈ ਜਗ੍ਹਾ `ਤੇ ਪ੍ਰਸਾਸ਼ਨ ਵੱਲੋਂ ਜਬਰਨ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨਾ ਕਾਨੂੰਨ ਅਤੇ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ।