ਪਟਿਆਲਾ, 17 ਮਾਰਚ : ਗਉਚਰਾਂਦ ਦੀ ਜ਼ਮੀਨ ਨੂੰ ਤੁਰੰਤ ਕਬਜ਼ਾ ਮੁਕਤ ਕਰਵਾ ਕੇ ਉੱਥੇ ਲਾਵਾਰਿਸ ਗਉਧਨ ਦੀ ਸੰਭਾਲ ਯਕੀਨੀ ਬਣਾਈ ਜਾਵੇ । ਇਸ ਗੱਲ ਦਾ ਪ੍ਰਗਟਾਵਾ ਪੰਜਾਬ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਜ਼ਿਲ੍ਹਾ ਪੱਧਰ ਦੀ ਮਹੱਤਵਪੂਰਨ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਇਹ ਵੀ ਕਿਹਾ ਕਿ ਲਾਵਾਰਿਸ ਗੋਧਨ ਸੰਬੰਧੀ ਸ਼ਿਕਾਇਤਾਂ ਅਤੇ ਜਾਣਕਾਰੀ ਲਈ ਜਲਦ ਹੀ ਟੌਲ ਫ੍ਰੀ ਨੰਬਰ ਜਾਰੀ ਕੀਤੇ ਜਾਣਗੇ, ਤਾਂ ਜੋ ਆਮ ਲੋਕ ਸਿੱਧੇ ਤੌਰ ’ਤੇ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਣ।
ਇਸ ਮੀਟਿੰਗ ਵਿੱਚ ਗਉਸ਼ਾਲਾਵਾਂ ਦੇ ਪ੍ਰਧਾਨਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਸ੍ਰੀ ਤੇਜਿੰਦਰ ਮਹਿਤਾ (ਚੇਅਰਮੈਨ ਪਲੇਨਿੰਗ ਬੋਰਡ ਅਤੇ ਪ੍ਰਧਾਨ ਆਮ ਆਦਮੀ ਪਾਰਟੀ), ਮਹੰਤ ਰਵੀਕਾਂਤ ਮੁਨੀ ਜੀ ਸ੍ਰੀ ਰਵਿੰਦਰ ਸਿੰਗਲਾ , ਐਡਵੋਕੇਟ ਦੇਵਿੰਦਰ ਰਾਣਾ, ਸ੍ਰੀ ਸ਼ਾਮ ਲਾਲ, ਸ੍ਰੀ ਹਰੀਸ਼ ਮਲਹੋਤਰਾ, ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਅਤੇ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੀ ਮੌਜੂਦ ਰਹੇ।
ਮੀਟਿੰਗ ਦੌਰਾਨ ਸ੍ਰੀ ਕੀਮਤੀ ਭਗਤ ਨੇ ਸਖ਼ਤ ਰੁੱਖ ਅਪਣਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਸੜਕਾਂ ’ਤੇ ਇਕ ਵੀ ਲਾਵਾਰਿਸ ਜਾਂ ਬੇਸਹਾਰਾ ਗਊ ਨਹੀਂ ਦਿਖਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਊਧਨ ਦੀ ਸੁਰੱਖਿਆ ਸਿਰਫ ਧਾਰਮਿਕ ਨਹੀਂ, ਸਗੋਂ ਸਮਾਜਕ ਅਤੇ ਆਰਥਿਕ ਜ਼ਿੰਮੇਵਾਰੀ ਵੀ ਹੈ। ਸੜਕਾਂ ’ਤੇ ਫਿਰਦੀਆਂ ਲਾਵਾਰਿਸ ਗਊਆਂ ਕਾਰਨ ਹੋਣ ਵਾਲੇ ਹਾਦਸਿਆਂ ਵਿੱਚ ਕੀਮਤੀ ਜਾਨਾਂ ਜਾਂਦੀਆਂ ਹਨ, ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਟ੍ਰੈਫਿਕ ਦੀਆਂ ਸਮੱਸਿਆਵਾਂ ਵੀ ਵਧਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਸਾਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀਆਂ ਮੀਟਿੰਗਾਂ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਪਟਿਆਲਾ ਵਿੱਚ ਗੋਚਰ ਅਤੇ ਗਉਸ਼ਾਲਾ ਦੀਆਂ ਜ਼ਮੀਨਾਂ ’ਤੇ ਜਿਨ੍ਹਾਂ ਦਬੰਗ ਵਿਅਕਤੀਆਂ ਨੇ ਗੈਰਕਾਨੂੰਨੀ ਕਬਜ਼ੇ ਕੀਤੇ ਹੋਏ ਹਨ, ਉਹਨਾਂ ਨੂੰ ਤੁਰੰਤ ਹਟਾਇਆ ਜਾਵੇ। ਓਹਨਾ ਨਗਰ ਨਿਗਮ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਵਿੱਚ ਲਾਵਾਰਿਸ ਪਸ਼ੂਆਂ ਦੀ ਸੰਭਾਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਐਸਐਸਪੀ ਨੂੰ ਹੁਕਮ ਦਿੱਤਾ ਕਿ ਗਊ ਸੁਰੱਖਿਆ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਸੰਬੰਧੀ ਸਟੇਟਸ ਰਿਪੋਰਟਾਂ ਨਿਯਮਿਤ ਤੌਰ ’ਤੇ ਭੇਜੀਆਂ ਜਾਣ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਗਊਆਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ ਅਤੇ ਗਉਸ਼ਾਲਾਵਾਂ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।