ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖਿਡਾਰੀਆਂ ਦਾ ਸਨਮਾਨ

ਪਟਿਆਲਾ 21 ਮਾਰਚ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਅੱਜ ਹਲਕਾ ਪਟਿਆਲਾ ਦੇ ਪਿੰਡ ਲੰਗ ਵਿਖੇ ਬਣੇ ਖੇਡ ਸਟੇਡੀਅਮ ਵਿੱਚ ਕਰਵਾਈ ਗਈ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਜੇਤੂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਓਹਨਾ ਦਸਿਆ ਕਿ ਇਹ ਕੁਸ਼ਤੀ ਚੈਂਪੀਅਨਸ਼ਿਪ ਜਿਲ੍ਹਾ ਕੁਸ਼ਤੀ ਸੰਸਥਾ ਪਟਿਆਲਾ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਲੰਗ ਅਤੇ ਐਨ.ਆਰ.ਆਈ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਕਰਵਾਈ ਗਈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਕਰੀਬ 230 ਪਹਿਲਵਾਨਾਂ ਨੇ ਭਾਗ ਲਿਆ।

ਆਪਣੇ ਸੰਬੋਧਨ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ “ਖੇਡਾਂ ਵਤਨ ਪੰਜਾਬ ਦੀਆਂ” ਵਰਗੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਬਲਾਕ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਮੁਕਾਬਲੇ ਕਰਵਾਏ ਜਾ ਰਹੇ ਹਨ।
ਸ੍ਰੀ ਸੌਂਦ ਨੇ ਦੱਸਿਆ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਬਣਦੇ ਇਨਾਮ ਸਮੇਂ ‘ਤੇ ਦਿੱਤੇ ਜਾ ਰਹੇ ਹਨ ਅਤੇ ਯੋਗ ਖਿਡਾਰੀਆਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕੀਤਾ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਬਹੁਤ ਵੱਡਾ ਸਾਧਨ ਹਨ ਅਤੇ ਇਹ ਮੁਹਿੰਮ ਮੌਜੂਦਾ ਸਰਕਾਰ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਚਲਾਈ ਜਾ ਰਹੀ ਹੈ।
ਸ. ਸੌਂਦ ਨੇ ਪਿੰਡ ਲੰਗ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿੰਡ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਹੋਰ ਮੰਗਾਂ ਨੂੰ ਵੀ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਭਗ 3100 ਪਲੇਅ ਗਰਾਊਂਡ ਬਣਾਏ ਜਾ ਰਹੇ ਹਨ, ਜੋ ਕਿ ਖੇਡਾਂ ਦੇ ਪ੍ਰਚਾਰ ਲਈ ਇੱਕ ਮਹੱਤਵਪੂਰਨ ਕਦਮ ਹੈ।
Scroll to Top