ਪਟਿਆਲਾ, 25 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਅੱਜ ਇੱਥੇ ਪੰਜਾਬ ਸਰਕਾਰ ਦੀਆਂ ਸਿਹਤ ਖੇਤਰ ‘ਚ 4 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 1.60 ਲੱਖ ਲੋਕਾਂ ਨੇ 191 ਕਰੋੜ ਰੁਪਏ ਦਾ ਮੁਫ਼ਤ ਇਲਾਜ ਕਰਵਾਇਆ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਦੇ ਸਿਹਤ ਮਾਡਲ ਦੀ ਦੇਸ਼ ਦੇ ਬਾਕੀ ਰਾਜਾਂ ‘ਚ ਕਾਪੀ ਹੋਣ ਲੱਗੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ‘ਚ ਸਿਹਤ, ਸਿੱਖਿਆ ਤੇ ਰੋਜ਼ਗਾਰ ਨੂੰ ਪਹਿਲ ਦਿੱਤੀ, ਜਿਸ ਦੇ ਨਤੀਜੇ ਸਭ ਦੇ ਸਾਹਮਣੇ ਹਨ।
ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਕਾਇਆਂ ਕਲਪ ਕਰਨ ਨਾਲ ਸੂਬੇ ਵਿੱਚ ਸਿਹਤ ਕ੍ਰਾਂਤੀ ਦਾ ਆਗਾਜ਼ ਕੀਤਾ ਸੀ ਅਤੇ ਪਿਛਲੇ ਚਾਰ ਸਾਲਾਂ ‘ਚ ਆਪ ਦੀ ਸਰਕਾਰ ਨੇ ਸਿਹਤ ਖੇਤਰ ‘ਚ ਲਾਮਿਸਾਲ ਪ੍ਰਾਪਤੀਆਂ ਹਾਸਲ ਕੀਤੀਆਂ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਤੇ 3 ਕਰੋੜ ਲੋਕਾਂ ਦੇ ਸਿਹਤ ਕਾਰਡ ਬਣਨੇ ਹਨ, ਜਿਨ੍ਹਾਂ ‘ਚੋਂ ਹੁਣ ਤੱਕ 25 ਲੱਖ ਕਾਰਡ ਬਣ ਚੁੱਕੇ ਹਨ ਤੇ ਉਹ ਸਭ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਕਿਸੇ ਬਿਮਾਰੀ ਦੀ ਉਡੀਕ ਕਰਨ ਦੀ ਬਜਾਇ ਪਹਿਲਾਂ ਹੀ ਆਪਣੇ ਇਹ ਕਾਰਡ ਬਣਵਾ ਲੈਣ।
ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਅੰਦਰ 9 ਹੋਰ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ, ਜਿਨ੍ਹਾਂ ‘ਚੋਂ ਪਹਿਲਾਂ ਹੀ ਚਾਲੂ ਰਿਮਟ ਫ਼ਤਿਹਗੜ੍ਹ ਸਾਹਿਬ, ਈਐਸਆਈ ਲੁਧਿਆਣਾ ਸਮੇਤ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਤੇ ਲੁਧਿਆਣਾ ਵਿਖੇ ਬਣਨ ਵਾਲੇ ਮੈਡੀਕਲ ਕਾਲਜਾਂ ‘ਚ 600 ਨਵੀਂਆਂ ਐਮਬੀਬੀਐਸ ਸੀਟਾਂ ਸ਼ਾਮਲ ਹੋਣਗੀਆਂ। ਜਦਕਿ ਮੈਡੀਕਲ ਸਿੱਖਿਆ ਵਿਭਾਗ ਵਿੱਚ ਮਨੁਖੀ ਸਰੋਤ ਦੀ ਕਮੀ ਦੂਰ ਕੀਤੀ ਗਈ ਹੈ ਤੇ ਪ੍ਰੋਫੈਸਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਦਿਆਂ ਸਾਰੇ ਸਰਕਾਰੀ ਮੈਡੀਕਲ ਕਾਲਜਾਂ ‘ਚ 200 ਕਰੋੜ ਰੁਪਏ ਦਾ ਸਾਜੋ ਸਮਾਨ ਖਰੀਦਿਆ ਜਾ ਰਿਹਾ ਹੈ ਤੇ ਰਾਜ ਦੇ ਸਾਰੇ ਜ਼ਿਲ੍ਹਿਆਂ ‘ਚ 50-50 ਬੈਡਾਂ ਦੀ ਸਹੂਲਤ ਵਾਲੇ 22 ਕ੍ਰਿਟੀਕਲ ਕੇਅਰ ਬਲਾਕ ਬਣਾਏ ਜਾ ਰਹੇ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਮੁਫ਼ਤ ਦਵਾਈਆਂ ਪਹਿਲਾਂ ਹੀ ਦੇਣ ਸਮੇਤ ਡਾਇਗਨੋਸਟਿਕ ਸੇਵਾਵਾਂ ਦਾ ਵਿਸਥਾਰ ਕਰਦੇ ਹੋਏ ਸਾਰੇ ਜ਼ਿਲ੍ਹਾ ਹਸਪਤਾਲਾਂ ‘ਚ ਇਸ ਸਾਲ ‘ਚ ਐਮ.ਆਰ.ਆਈ, 8 ਹੋਰ ਹਸਪਤਾਲਾਂ ‘ਚ ਸੀ.ਟੀ ਸਕੈਨ ਸਹੂਲਤ ਤੋਂ ਇਲਾਵਾ 250 ਬੈਡਾਂ ਵਾਲੇ 7 ਜੱਚਾ-ਬੱਚਾ ਹਸਪਤਾਲ ਚਾਲੂ ਕੀਤੇ ਜਾਣਗੇ ਤੇ ਐਕਸਰੇ ਤੇ ਅਲਟਰਸਾਊਂਡ ਲਈ ਸੂਚੀਬੱਧ 200 ਤੋਂ ਵੱਧ ਪ੍ਰਾਈਵੇਟ ਡਾਇਗੋਸਟਿਕ ਸੈਂਟਰ ਵੀ ਚੱਲ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ 5 ਜ਼ਿਲ੍ਹਿਆਂ ‘ਚ ਬ੍ਰੈਸਟ ਕੈਂਸਰ ਤੇ ਸਰਵੀਕਲ ਕੈਂਸਰ ਦੀ ਏ.ਆਈ. ਇਨੇਬਲਡ ਸਕਰੀਨਿੰਗ ਤਹਿਤ 9294 ਔਰਤਾਂ ਦੀ ਜਾਂਚ ‘ਚ ਛਾਤੀ ਦੇ ਕੈਂਸਰ ਦੇ 8 ਮਾਮਲੇ ਤੇ 43 ਸਰਵੀਕਲ ਕੈਂਸਰ ਦੇ ਮਾਮਲੇ ਸਾਹਮਣੇ ਆਏ ਜਦਕਿ ਏ ਆਈ ਇਨੇਬਲਡ ਅੱਖਾਂ ਦੀ ਜਾਂਚ ‘ਚ 1 ਲੱਖ 7 ਹਜ਼ਾਰ ਲੋਕਾਂ ਦੀ ਜਾਂਚ ‘ਚ 21 ਹਜ਼ਾਰ 660 ਨੂੰ ਨਜ਼ਰ ਦੀ ਸਮੱਸਿਆ ਸਾਹਮਣੇ ਆਈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦੀ ਮੰਗ ਘਟਾ ਕੇ ਜਿੱਥੇ ਸਪਲਾਈ ਚੇਨ ਤੋੜੀ ਹੈ, ਉਥੇ ਹੀ ਨਸ਼ਾ ਕਰਨ ਵਾਲਿਆਂ ਦੇ ਮੁਫ਼ਤ ਇਲਾਜ ਲਈ ਮਜ਼ਬੂਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ। ਜਦਕਿ ਨਸ਼ਾ ਕਰਨ ਵਾਲਿਆਂ ਦੇ ਹੁਨਰ ਵਿਕਾਸ ਲਈ ਨਵੇਂ ਪ੍ਰਬੰਧ ਕੀਤੇ ਹਨ ਤੇ ਜੇਲ੍ਹਾਂ ਵਿੱਚ ਵੀ ਕਲੀਨਿਕਾਂ ਦਾ ਵਿਸਥਾਰ ਕੀਤਾ ਹੈ। ਇਸ ਤੋਂ ਬਿਨ੍ਹਾਂ ਅਨੰਨਿਆ ਬਿਰਲਾ ਫਾਊਂਡੇਸ਼ਨ ਨਾਲ ਏ.ਐਨ.ਟੀ.ਐਫ਼ ਤੇ ਡਰੱਗ ਕੰਟਰੋਲ ਵਿਭਾਗ ਦੇ ਸਹਿਯੋਗ ਨਾਲ ਚਿੰਤਾ ਘਟਾਊ ਦਵਾਈਆਂ ਦੀ ਨਿਗਰਾਨੀ ਲਈ ਸਾਫ਼ਟਵੇਅਰ ਵਿਕਸਤ ਕੀਤਾ ਜਾ ਰਿਹਾ ਹੈ।