ਬਹਾਦਰਗੜ੍ਹ/ਪਟਿਆਲਾ 12 ਅਪ੍ਰੈਲ – ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਮੁਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ ਕੀਤੇ ਗਏ। ਇਸੇ ਤਰ੍ਹਾਂ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।
ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਆਯੋਜਿਤ ਕੀਤੇ ਜਾਣਗੇ ਇਸ ਸਬੰਧ ਵਿਚ ਰੂਪ ਰੇਖਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੁਕੰਮਲ ਕਰ ਲਈ ਗਈ ਹੈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ 14 ਅਪ੍ਰੈਲ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਦੀਵਾਨ ਸਜਾਏ ਜਾਣਗੇ ਅਤੇ ਹਜ਼ੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।
ਹੈਡ ਗ੍ਰੰਥੀ ਅਵਤਾਰ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੋਂ ਬਾਅਦ ਢਾਡੀ ਦਰਬਾਰ ਦਾ ਆਯੋਜਨ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ਕਵੀਸ਼ਰੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ।
ਇਸ ਦੌਰਾਨ ਮੈਨੇਜਰ ਮਨਜੀਤ ਸਿੰਘ ਕੌਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੂੰ ਅੰਮਿ੍ਰਤ ਦੀ ਦਾਤ ਵੀ ਦਿੱਤੀ ਜਾਵੇਗੀ। ਖਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਸਮਾਮਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਲੜੂ ਆਦਿ ਨੇ ਅਪੀਲ ਕੀਤੀ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਪੁੱਜਕੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ।