ਪਟਿਆਲਾ, 21 ਮਈ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਚਲਾਈ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਭਰਤੀ ਲਈ ਸਰੀਰਕ ਪ੍ਰੀਖਿਆ (ਫਿਜ਼ੀਕਲ ਟੈਸਟ) ਦੀ ਤਿਆਰੀ ਕਰ ਰਹੇ ਇਲਾਕੇ ਦੇ ਨੌਜਵਾਨਾਂ ਨੂੰ ਮੋਟੀਵੇਟ (ਉਤਸ਼ਾਹਿਤ) ਕਰਨ ਲਈ ਅੱਜ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵਿਸ਼ੇਸ਼ ਤੌਰ ‘ਤੇ ਸਿਟੀ ਸੈਂਟਰ ਪਟਿਆਲਾ ਵਿਖੇ ਲੱਗੇ ਟ੍ਰੇਨਿੰਗ ਕੈਂਪ ਵਿੱਚ ਪਹੁੰਚੇ। ਇਸ ਮੌਕੇ ਮੇਅਰ ਨੇ ਦੌੜ ਅਤੇ ਹੋਰ ਸਰੀਰਕ ਗਤੀਵਿਧੀਆਂ ਦਾ ਅਭਿਆਸ ਕਰ ਰਹੇ ਲੜਕੇ ਅਤੇ ਲੜਕੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਪ੍ਰਸਿੱਧ ਸਮਾਜ ਸੇਵੀ ਉਪਕਾਰ ਸਿੰਘ ਅਤੇ ਲੱਕੀ ਲਹਿਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ ।
ਸਿਟੀ ਸੈਂਟਰ ਵਿਖੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਅਤੇ ਸੂਬੇ ਦੀ ਸੇਵਾ ਕਰਨਾ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਪਾਰਦਰਸ਼ਤਾ ਅਤੇ ਯੋਗਤਾ (ਮੈਰਿਟ) ਦੇ ਆਧਾਰ ‘ਤੇ ਨੌਕਰੀਆਂ ਦੇ ਰਹੀ ਹੈ, ਇਸ ਲਈ ਨੌਜਵਾਨ ਬਿਨਾਂ ਕਿਸੇ ਚਿੰਤਾ ਦੇ ਆਪਣੀ ਤਿਆਰੀ ‘ਤੇ ਧਿਆਨ ਕੇਂਦਰਿਤ ਕਰਨ। ਮੇਅਰ ਨੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਦੇਸ਼ ਸੇਵਾ ਵੱਲ ਕਦਮ ਵਧਾਉਣ ਲਈ ਪ੍ਰੇਰਿਤ ਕੀਤਾ।
ਮੇਅਰ ਨੇ ਨੌਜਵਾਨਾਂ ਨੂੰ ਪੇਸ਼ੇਵਰ ਟ੍ਰੇਨਿੰਗ ਦੇ ਰਹੇ ਐਨ.ਆਈ.ਐਸ. ਕੋਚ ਗੁਰਪ੍ਰੀਤ (ਗੋਪੀ) ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਸਰੀਰਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਖੇਡ ਕੋਚਾਂ ਅਤੇ ਅਜਿਹੀਆਂ ਸਖ਼ਸ਼ੀਅਤਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।