ਪਟਿਆਲਾ, 16 ਜੂਨ : ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਹੋਰ ਮੈਂਬਰਾਂ ਨਾਲ ਇੱਕ ਬੈਠਕ ਕੀਤੀ।
ਏਡੀਸੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਦੀ ਬੈਠਕ ਦੌਰਾਨ ਪੋਰਟਲ ਉਪਰ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪੂਰੀ ਗੰਭੀਰਤਾ ਨਾਲ ਕੀਤਾ ਜਾ ਰਿਹਾ ਹੈ, ਜਦਕਿ 18 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਤੇ 35 ਸ਼ਿਕਾਇਤਾਂ ਓਪਨ ਹਨ, ਜਿਨ੍ਹਾਂ ਉਪਰ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਚੇਅਰਮੈਨ ਐਡਵੋਕੇਟ ਵਿਨੋਦ ਸਿੰਗਲਾ ਨੇ ਕਿਹਾ ਕਿ ਪਟਿਆਲਾ ਜਿਲੇ ਦੇ ਵਪਾਰੀਆਂ ਨੂੰ ਮਿਲਣ ਜਲਦ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਕਮਿਸ਼ਨ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਲਗਾਤਾਰ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਰਿਹਾ ਹੈ।
ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।