ਅਮਰੀਕੀ ਅਟਾਰਨੀ ਜਸਪ੍ਰੀਤ ਗਿੱਲ ਵੱਲੋਂ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ
ਪਟਿਆਲਾ, 16 ਜੁਲਾਈ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਖੇਡ ਪ੍ਰਦਰਸ਼ਨ ਲਈ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ ਅਮਰੀਕਾ ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਸ. ਜਸਪ੍ਰੀਤ ਸਿੰਘ ਗਿੱਲ ਨੇ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਵਾਲੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਸ. ਜਸਪ੍ਰੀਤ ਸਿੰਘ ਗਿੱਲ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਪਟਿਆਲਾ ਕੈਂਪਸ ਦਾ ਦੌਰਾ ਕੀਤਾ, ਜਿੱਥੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਗਿੱਲ ਨੇ ਯੂਨੀਵਰਸਿਟੀ ਦੇ ਕੈਂਪਸ, ਖੇਡ ਸਹੂਲਤਾਂ, ਅਕਾਦਮਿਕ ਢਾਂਚੇ ਅਤੇ ਖਿਡਾਰੀਆਂ ਲਈ ਸਿਰਜੇ ਜਾ ਰਹੇ ਮਾਹੌਲ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀ ਵੱਲੋਂ ਖੇਡਾਂ ਅਤੇ ਖੇਡ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਯੂਨੀਵਰਸਿਟੀ ਦੀ ਕਾਰਜਸ਼ੈਲੀ ਅਤੇ ਭਵਿੱਖੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਸ. ਜਸਪ੍ਰੀਤ ਸਿੰਘ ਗਿੱਲ ਨੇ ਐਲਾਨ ਕੀਤਾ ਕਿ ਯੂਨੀਵਰਸਿਟੀ ਵਿੱਚ ਦਾਖਲਾ ਲੈ ਕੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਦਰਸ਼ਨ ਕਰਨ ਦੀ ਸਮਰੱਥਾ ਰੱਖਣ ਵਾਲੇ 100 ਚੋਣਵੇਂ ਖਿਡਾਰੀਆਂ ਦੀ ਡਾਈਟ ਲਈ ਉਹ ਹਰ ਸਾਲ ਕੁੱਲ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਉਪਲਬਧੀਆਂ ਲਈ ਵੱਖਰੇ ਤੌਰ ‘ਤੇ ਸਨਮਾਨਿਤ ਅਤੇ ਉਤਸ਼ਾਹਿਤ ਵੀ ਕੀਤਾ ਜਾਵੇਗਾ।
ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਇਸ ਮਹੱਤਵਪੂਰਨ ਪਹਿਲਕਦਮੀ ਲਈ ਸ. ਜਸਪ੍ਰੀਤ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਅਤੇ ਯੂਨੀਵਰਸਿਟੀ ਦਾ ਉਦੇਸ਼ ਹੋਣਹਾਰ ਖਿਡਾਰੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਅਜਿਹਾ ਖੇਡ ਮਾਹੌਲ ਪ੍ਰਦਾਨ ਕਰਨਾ ਹੈ, ਜਿਸ ਰਾਹੀਂ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਡਾ. ਗਿੱਲ ਨੇ ਪੰਜਾਬ ਸਮੇਤ ਦੇਸ਼ ਭਰ ਦੇ ਹੋਣਹਾਰ ਖਿਡਾਰੀਆਂ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨਾਲ ਜੁੜਨ ਅਤੇ ਇੱਥੇ ਦਾਖਲਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉੱਚ ਪੱਧਰੀ ਖੇਡ ਪ੍ਰਤਿਭਾ ਵਾਲੇ ਯੋਗ ਖਿਡਾਰੀਆਂ ਨੂੰ ਯੂਨੀਵਰਸਿਟੀ ਵੱਲੋਂ ਮੁਫ਼ਤ ਹੋਸਟਲ ਸਹੂਲਤ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾਵੇਗੀ, ਜਦਕਿ ਸ. ਜਸਪ੍ਰੀਤ ਸਿੰਘ ਗਿੱਲ ਵੱਲੋਂ ਐਲਾਨੀ ਗਈ ਸਾਲਾਨਾ ਡਾਈਟ ਸਹਾਇਤਾ ਖਿਡਾਰੀਆਂ ਨੂੰ ਆਪਣੀ ਖੇਡ ‘ਤੇ ਹੋਰ ਵਧੇਰੇ ਧਿਆਨ ਕੇਂਦਰਿਤ ਕਰਨ ਵਿੱਚ ਮਦਦ ਕਰੇਗੀ।
ਉਨ੍ਹਾਂ ਕਿਹਾ ਕਿ ਇੱਕ ਖਿਡਾਰੀ ਦੀ ਸਫਲਤਾ ਵਿੱਚ ਬਿਹਤਰ ਸਿਖਲਾਈ ਦੇ ਨਾਲ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਯੂਨੀਵਰਸਿਟੀ ਦੇ ਖੇਡ ਮਿਸ਼ਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।
ਸ. ਜਸਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਉਣ ਦੀ ਬੇਅੰਤ ਸਮਰੱਥਾ ਹੈ ਅਤੇ ਯੋਗ ਖਿਡਾਰੀਆਂ ਨੂੰ ਸਹੀ ਮੌਕਾ, ਮਿਆਰੀ ਸਿਖਲਾਈ ਅਤੇ ਲੋੜੀਂਦੇ ਸਰੋਤ ਮਿਲਣੇ ਚਾਹੀਦੇ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਸਪੋਰਟਸ ਯੂਨੀਵਰਸਿਟੀ ਆਉਣ ਵਾਲੇ ਸਮੇਂ ਵਿੱਚ ਦੇਸ਼ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਬਿਹਤਰੀਨ ਖਿਡਾਰੀ ਤਿਆਰ ਕਰਨ ਦਾ ਇੱਕ ਪ੍ਰਮੁੱਖ ਕੇਂਦਰ ਬਣੇਗੀ।