Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:09 am

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ

ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਮੁੱਖ ਮੰਤਰੀ

ਚੰਡੀਗੜ੍ਹ, 20 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ ਸੇਧਿਤ ਕਰਨ ਦੇ ਉਦੇਸ਼ ਨਾਲ ਇਹ ਸ਼ਾਨਦਾਰ ਖੇਡ ਮੇਲਾ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ ਅਤੇ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਨਾਲ ਸਮਾਪਤ ਹੋਵੇਗਾ। ਸਾਲ 2026 ਦੇ ਇਸ ਐਡੀਸ਼ਨ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਮਹਾਂਕੁੰਭ ਬਣਾਉਣ ਦੀ ਯੋਜਨਾ ਬਣਾਈ ਗਈ ਹੈ।

ਸੋਸ਼ਲ ਮੀਡੀਆ ਐਕਸ `ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਖੇਡਾਂ ਨੂੰ ਸਭ ਤੋਂ ਵੱਡਾ ਹਥਿਆਰ ਬਣਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ 5 ਸਤੰਬਰ ਤੋਂ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ` ਸੀਜ਼ਨ-4 ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਾਲ 10 ਲੱਖ ਤੋਂ ਵੱਧ ਖਿਡਾਰੀਆਂ ਦੇ ਮੈਦਾਨਾਂ ਵਿੱਚ ਉਤਰਨ ਦੀ ਉਮੀਦ ਹੈ, ਜਦੋਂ ਕਿ ਇਸ ਦਾ ਫਾਈਨਲ 29 ਨਵੰਬਰ ਨੂੰ ਪਟਿਆਲਾ ਵਿਖੇ ਖੇਡਿਆ ਜਾਵੇਗਾ।”

ਪੋਸਟ ਦੇ ਅਖ਼ੀਰ ਵਿੱਚ ਉਨ੍ਹਾਂ ਲਿਖਿਆ, “ਪਹਿਲੀ ਵਾਰ ਖੇਡਾਂ ਲਈ 1,794 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਗਿਆ ਹੈ। ਪਿੰਡਾਂ ਵਿੱਚ 3,148 ਖੇਡ ਮੈਦਾਨਾਂ ਅਤੇ 6,000 ਜਿੰਮਾਂ ਦੇ ਵਿਕਾਸ ਦੇ ਨਾਲ-ਨਾਲ ਸਪੋਰਟਸ ਮੈਡੀਸਨ ਦੇ ਖੇਤਰ ਵਿੱਚ ਵੀ ਵਿਸ਼ੇਸ਼ ਕੰਮ ਕੀਤਾ ਜਾ ਰਿਹਾ ਹੈ। ਆਓ ਅਸੀਂ ਪੰਜਾਬ ਦੀਆਂ ਤਿੰਨ ਪੀੜ੍ਹੀਆਂ ਨੂੰ ਇੱਕੋ ਮੈਦਾਨ `ਤੇ ਇਕੱਠੇ ਖੇਡਦਿਆਂ ਵੇਖੀਏ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਈਏ।”

ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਭਾਗ 5 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਇਨ੍ਹਾਂ ਖੇਡਾਂ ਦਾ ਉਦਘਾਟਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੀਤਾ ਜਾਵੇਗਾ। ਇਹ ਬਹੁਤ ਖ਼ੁਸ਼ੀ ਦੀ ਗੱਲ ਹੈ ਕਿ ਇਸ ਸਾਲ ਸਾਡਾ ਟੀਚਾ 10 ਲੱਖ ਖਿਡਾਰੀਆਂ ਨੂੰ ਸ਼ਾਮਲ ਕਰਨਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ` ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚੋਂ ਲੁਕੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨ, ਉਸ ਨੂੰ ਉਤਸ਼ਾਹਿਤ ਕਰਨ ਅਤੇ ਤਰਾਸ਼ਣ ਦਾ ਸਭ ਤੋਂ ਵਧੀਆ ਮੰਚ ਹੈ।”

ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਖੇਡਾਂ ਰਾਹੀਂ ਸਾਡਾ ਉਦੇਸ਼ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ` ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਵੱਖ-ਵੱਖ ਪੀੜ੍ਹੀਆਂ ਨੂੰ ਆਪਸ ਵਿੱਚ ਜੋੜਦੀ ਹੈ। ਪਿਛਲੇ ਐਡੀਸ਼ਨਾਂ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ, ਜਿਸ ਵਿੱਚ ਦਾਦਾ, ਪਿਤਾ ਅਤੇ ਪੁੱਤਰ ਸ਼ਾਮਲ ਸਨ, ਨੇ ਖੇਡਾਂ ਵਿੱਚ ਹਿੱਸਾ ਲਿਆ ਸੀ। ਇਸ ਸਾਲ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਨੌਂ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈਣਗੇ।”

ਉਨ੍ਹਾਂ ਕਿਹਾ, “ਇਸ ਸਾਲ ਕੁੱਲ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿੱਚ ਚਾਰ ਪੈਰਾ ਖੇਡਾਂ ਜਿਵੇਂ ਕਿ ਅਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸ਼ਾਮਲ ਹਨ। ਇਸ ਸਾਲ ਬਹੁਤ ਹੀ ਸਰਲ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਹੈ ਅਤੇ ਰਜਿਸਟ੍ਰੇਸ਼ਨ ਬਿਲਕੁੱਲ ਮੁਫ਼ਤ ਹੈ। ਖੇਡ ਵਿਭਾਗ ਨੇ ਪਹਿਲੀ ਵਾਰ ਕੋਡ ਆਧਾਰਿਤ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਹੈ, ਜਿਸ ਨਾਲ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਖੇਡ ਵਿਭਾਗ ਦੇ ਪੋਰਟਲ ਰਾਹੀਂ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ ਅਤੇ ਇਹ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਮੈਂ ਸਾਰੇ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਇਹ ਮੁਕਾਬਲੇ ਪੰਜਾਬ ਦੇ ਸਾਰੇ 153 ਬਲਾਕਾਂ ਅਤੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ `ਤੇ ਕਰਵਾਏ ਜਾਣਗੇ। ਰਾਜ ਪੱਧਰੀ ਖੇਡਾਂ 16 ਜ਼ਿਲ੍ਹਿਆਂ ਵਿੱਚ ਹੋਣਗੀਆਂ।”

ਮੁੱਖ ਮੰਤਰੀ ਨੇ ਦੱਸਿਆ, “ਪਹਿਲੀ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਮਸ਼ਾਲ ਮਾਰਚ (ਟਾਰਚ ਰਿਲੇਅ) 12 ਅਗਸਤ ਨੂੰ ਸ਼ੁਰੂ ਹੋਈ ਸੀ ਅਤੇ 5 ਸਤੰਬਰ ਨੂੰ ਆਪਣੀ ਮੰਜ਼ਿਲ `ਤੇ ਪਹੁੰਚਣ ਤੋਂ ਪਹਿਲਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘੇਗੀ। ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ। ਰਾਜ ਪੱਧਰ `ਤੇ ਸੋਨੇ ਦੇ ਤਗ਼ਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਦੇ ਤਗ਼ਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਦੇ ਤਗ਼ਮਾ ਜੇਤੂਆਂ ਨੂੰ 5,000 ਰੁਪਏ ਦਿੱਤੇ ਜਾਣਗੇ।”

ਉਨ੍ਹਾਂ ਕਿਹਾ, “40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਮਿਲੇਗਾ, ਜਿਸ ਨਾਲ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈਣ ਦੇ ਯੋਗ ਹੋ ਜਾਣਗੇ। ਪਹਿਲੇ ਤਿੰਨ ਸੀਜ਼ਨਾਂ ਦੌਰਾਨ ਖਿਡਾਰੀਆਂ ਵਿੱਚ 25.51 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਸੀ, ਜੋ ਇਨ੍ਹਾਂ ਖੇਡਾਂ ਦੀ ਭਾਰੀ ਸਫ਼ਲਤਾ ਨੂੰ ਦਰਸਾਉਂਦੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੇ ਸੀਜ਼ਨ ਵਿੱਚ 3.50 ਲੱਖ ਖਿਡਾਰੀਆਂ ਨੇ ਹਿੱਸਾ ਲਿਆ, 9,688 ਖਿਡਾਰੀਆਂ ਨੇ ਤਗ਼ਮੇ ਜਿੱਤੇ ਅਤੇ 6.88 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ। ਦੂਜੇ ਸੀਜ਼ਨ ਵਿੱਚ 4 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ, 12,500 ਖਿਡਾਰੀਆਂ ਨੇ ਤਗ਼ਮੇ ਜਿੱਤੇ ਅਤੇ 8.87 ਕਰੋੜ ਰੁਪਏ ਇਨਾਮੀ ਰਾਸ਼ੀ ਵਜੋਂ ਵੰਡੇ ਗਏ। ਤੀਜੇ ਸੀਜ਼ਨ ਵਿੱਚ 4.35 ਲੱਖ ਖਿਡਾਰੀਆਂ ਨੇ ਹਿੱਸਾ ਲਿਆ, 14,500 ਖਿਡਾਰੀਆਂ ਨੇ ਤਗ਼ਮੇ ਜਿੱਤੇ ਅਤੇ 9.76 ਕਰੋੜ ਰੁਪਏ ਵੰਡੇ ਗਏ। ਹੜ੍ਹਾਂ ਕਾਰਨ ਸਾਲ 2025 ਵਿੱਚ ਖੇਡਾਂ ਨਹੀਂ ਕਰਵਾਈਆਂ ਜਾ ਸਕੀਆਂ ਸਨ।”

ਮੁੱਖ ਮੰਤਰੀ ਨੇ ਕਿਹਾ, “ਖੇਡਾਂ ਹਮੇਸ਼ਾ ਤੋਂ ਪੰਜਾਬ ਦੇ ਮਾਣਮੱਤੇ ਸੱਭਿਆਚਾਰਕ ਵਿਰਸੇ ਦਾ ਅਨਿੱਖੜਵਾਂ ਅੰਗ ਰਹੀਆਂ ਹਨ। ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਿਆਂਦੀ ਗਈ ਸੀ। ਇਸ ਨਾਲ ਖੇਡਾਂ ਲਈ ਬਜਟ ਅਲਾਟਮੈਂਟ ਵਿੱਚ ਵਾਧਾ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ-ਨਾਲ ਸਿਖਲਾਈ ਅਤੇ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਗਈ।”

ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਾਲ 2022 ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ 40,415 ਖਿਡਾਰੀਆਂ ਨੂੰ ਕੁੱਲ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦਿੱਤੇ ਜਾ ਰਹੇ ਹਨ। 85 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐਸ./ਡੀ.ਐਸ.ਪੀ. ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ।”

Scroll to Top