ਮਿਸਲ ਸਤਲੁਜ ਵੱਲੋਂ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦਾ ਜ਼ੋਰਦਾਰ ਸਮਰਥਨ
ਪਟਿਆਲਾ 21 ਅਗਸਤ, 2026: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਿਸਲ ਸਤਲੁਜ ਪਾਰਟੀ ਵੱਲੋਂ ਜ਼ੋਰਦਾਰ ਸਮਰਥਨ ਕੀਤਾ ਗਿਆ। ਇਸ ਮੌਕੇ ਮਿਸਲ ਸਤਲੁਜ ਪਾਰਟੀ ਵੱਲੋਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਮਿਸਲ ਸਤਲੁਜ ਪਾਰਟੀ ਦੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਚਹਿਲ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਮਨਜੀਤ ਸਿੰਘ ਚਹਿਲ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਰਾਜਨੀਤਕ ਕੈਦੀ ਮੰਨਦਿਆਂ ਤੁਰੰਤ ਰਿਹਾਅ ਕੀਤਾ ਜਾਵੇ ਉਨ੍ਹਾਂ ਅੱਗੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿਰਫ਼ ਕਿਸੇ ਇੱਕ ਵਰਗ ਜਾਂ ਸੰਸਥਾ ਦਾ ਮੁੱਦਾ ਨਹੀਂ, ਸਗੋਂ ਇਹ ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਕਾਨੂੰਨ ਦੇ ਰਾਜ ਨਾਲ ਜੁੜਿਆ ਹੋਇਆ ਗੰਭੀਰ ਮਸਲਾ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਹੋਰ ਸਮਾਂ ਜੇਲ੍ਹਾਂ ਵਿੱਚ ਰੱਖਣਾ ਇਨਸਾਫ਼ ਦੇ ਮੂਲ ਸਿਧਾਂਤਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੇ ਮਾਮਲਿਆਂ ਨੂੰ ਮਨੁੱਖੀ ਅਤੇ ਹਮਦਰਦੀ ਵਾਲੀ ਪਹੁੰਚ ਨਾਲ ਵਿਚਾਰਦਿਆਂ, ਜਿਹੜੇ ਕਾਨੂੰਨੀ ਤੌਰ ’ਤੇ ਰਿਹਾਈ ਦੇ ਹੱਕਦਾਰ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।