Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 2:11 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਕਰਤਾਰਪੁਰ; 27 ਅਗਸਤ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਅਸਲ ਲਾਭ ਪਹੁੰਚਾਏ ਹਨ।

90 ਫ਼ੀਸਦੀ ਘਰਾਂ ਦੇ ਜ਼ੀਰੋ ਬਿਜਲੀ ਬਿੱਲਾਂ, ਕਿਸਾਨਾਂ ਲਈ ਦਿਨ ਵੇਲੇ ਨਹਿਰੀ ਪਾਣੀ ਅਤੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ 70,840 ਸਰਕਾਰੀ ਨੌਕਰੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਵਾਲੀ “ਚੋਰਾਂ ਦੀ ਸਰਕਾਰ” ਅਤੇ ਮੌਜੂਦਾ “ਇਮਾਨਦਾਰ ਸਰਕਾਰ” ਵਿਚਕਾਰ ਦਾ ਫ਼ਰਕ ਸਾਫ਼ ਦੇਖ ਸਕਦੇ ਹਨ। ਉਨ੍ਹਾਂ ਨੇ ਪੂਰੇ ਸੂਬੇ ਵਿੱਚ ਨਸ਼ਾ ਫੈਲਾਉਣ ਲਈ ਅਕਾਲੀਆਂ ‘ਤੇ ਨਿਸ਼ਾਨਾ ਸਾਧਿਆ, ਜਦਕਿ ਇਹ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ‘ਤੇ ਕਾਬੂ ਪਾ ਰਹੀ ਹੈ।

‘ਲੋਕ ਮਿਲਣੀ’ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ‘ਤੇ ਲਿਖਿਆ: “ਅੱਜ ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ ਭਾਰੀ ਇਕੱਠ ਅਤੇ ਲੋਕਾਂ ਦਾ ਅਥਾਹ ਪਿਆਰ ਦੇਖ ਕੇ ਮੇਰਾ ਦਿਲ ਖ਼ੁਸ਼ੀ ਨਾਲ ਭਰ ਗਿਆ। ਤੁਹਾਡਾ ਇਹ ਉਤਸ਼ਾਹ ਮੈਨੂੰ ਹੋਰ ਵੀ ਵੱਧ ਤਾਕਤ ਦਿੰਦਾ ਹੈ। ਸਾਡੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਸਨ। ਹੁਣ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਕਿਸਾਨਾਂ ਨੂੰ ਦਿਨ ਵੇਲੇ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ 70,840 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।”

ਪੋਸਟ ਦੇ ਅੰਤ ਵਿੱਚ ਉਨ੍ਹਾਂ ਲਿਖਿਆ: “ਕੱਲ੍ਹ ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ‘ਸਤਿਕਾਰ ਯੋਜਨਾ’ ਤਹਿਤ ਸ਼ਗਨ ਦੀ ਰਾਸ਼ੀ ਵੀ ਮੇਰੀਆਂ ਭੈਣਾਂ ਦੇ ਖ਼ਾਤਿਆਂ ਵਿੱਚ ਪਹੁੰਚ ਜਾਵੇਗੀ। ਮੈਂ ਪਿੰਡ ਕਾਹਲਵਾਂ ਦੇ ਵਿਕਾਸ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ ਹੈ। ਲੋਕਾਂ ਦਾ ਪੈਸਾ ਪੰਜਾਬ ਦੇ ਲੋਕਾਂ ‘ਤੇ ਹੀ ਖ਼ਰਚ ਕੀਤਾ ਜਾਵੇਗਾ।”

‘ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਜਿੱਥੇ ਵੀ ਜਾਂਦਾ ਹਾਂ, ਲੋਕ ਮੈਨੂੰ ਅਥਾਹ ਪਿਆਰ ਦਿੰਦੇ ਹਨ, ਜਦਕਿ ਉਹ ਕਾਂਗਰਸ ਅਤੇ ਅਕਾਲੀਆਂ ਨਾਲ ਹੱਥ ਮਿਲਾਉਣ ਤੋਂ ਵੀ ਝਿਜਕਦੇ ਹਨ। ਮੈਂ ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ, ਮੈਂ ਲੋਕਾਂ ਦੀ ਸੇਵਾ ਕਰਨ ਆਇਆ ਹਾਂ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਲਈ ਆਪਣੀ ਸ਼ੋਹਰਤ ਪਿੱਛੇ ਛੱਡ ਦਿੱਤੀ ਸੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ, ਜੋ ਕਿ ਉਨ੍ਹਾਂ ਦੇ ਰਾਜਨੀਤੀ ਵਿੱਚ ਆਉਣ ਦਾ ਇੱਕ ਮੁੱਖ ਕਾਰਨ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਇਤਿਹਾਸਕ ਫ਼ਤਵਾ ਦਿੱਤਾ ਅਤੇ ਪ੍ਰਕਾਸ਼ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਰਗੇ ਕਈ ਸਿਆਸੀ ਥੰਮ੍ਹਾਂ ਨੂੰ ਉਨ੍ਹਾਂ ਦੇ ਰਵਾਇਤੀ ਗੜ੍ਹਾਂ ਤੋਂ ਹਰਾਇਆ। ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਲੋਕਾਂ ਨੇ ਆਪਣੀ ਤਾਕਤ ਦੀ ਵਰਤੋਂ ਕਰਕੇ ਉਨ੍ਹਾਂ ਲੋਕਾਂ ਨੂੰ ਹਰਾਇਆ ਜਿਨ੍ਹਾਂ ਨੇ ਉਨ੍ਹਾਂ ਦੇ ਹਿੱਤਾਂ ਦੇ ਖ਼ਿਲਾਫ਼ ਕੰਮ ਕੀਤਾ ਅਤੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ। ਇਸ ਤੋਂ ਬਾਅਦ ਸੂਬੇ ਵਿੱਚ ਇੱਕ ਇਮਾਨਦਾਰ ਸਰਕਾਰ ਨੇ ਵਾਗਡੋਰ ਸੰਭਾਲੀ। ਇਹਨਾਂ ਰਵਾਇਤੀ ਸਿਆਸੀ ਪਾਰਟੀਆਂ ਦਾ ਇੱਕੋ-ਇੱਕ ਏਜੰਡਾ ਪੰਜਾਬ ਨੂੰ ਬਦਨਾਮ ਕਰਨਾ ਹੈ। ਇਹ ਸਿਰਫ਼ ਲੋਕਾਂ ਨੂੰ ਲੁੱਟਣ ਲਈ ਸੱਤਾ ਚਾਹੁੰਦੇ ਹਨ।”

ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਆਗੂ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਕਿ ਇਕ ਆਮ ਪਰਿਵਾਰ ਦਾ ਵਿਅਕਤੀ ਸੂਬਾ ਚਲਾ ਰਿਹਾ ਹੈ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ, “ਉਹ ਮੇਰੇ ਤੋਂ ਈਰਖਾ ਕਰਦੇ ਹਨ ਕਿਉਂਕਿ ਮੈਂ ਇੱਕ ਆਮ ਪਰਿਵਾਰ ਤੋਂ ਆਉਂਦਾ ਹਾਂ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ। ਇਹ ਆਗੂ ਹਮੇਸ਼ਾ ਮੰਨਦੇ ਸਨ ਕਿ ਪੰਜਾਬ ‘ਤੇ ਰਾਜ ਕਰਨਾ ਉਨ੍ਹਾਂ ਦਾ ਇਲਾਹੀ ਹੱਕ ਹੈ। ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਦਾ ਸ਼ਾਸਨ ਇੰਨੇ ਚੰਗੇ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਨੇ ਲੰਬੇ ਸਮੇਂ ਤੱਕ ਲੋਕਾਂ ਨੂੰ ਮੂਰਖ ਬਣਾਇਆ, ਪਰ ਹੁਣ ਲੋਕ ਉਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਆਗੂਆਂ ਨੂੰ ਨਕਾਰ ਦਿੱਤਾ ਹੈ ਜਿਨ੍ਹਾਂ ਨੇ ਆਪਣੇ ਸੱਤਾ ਦੇ ਸਾਲਾਂ ਦੌਰਾਨ ਮਹਿਲਾਂ ਵਿੱਚ ਸਮਾਂ ਬਿਤਾਇਆ ਅਤੇ ਆਮ ਲੋਕਾਂ ਤੋਂ ਦੂਰ ਰਹੇ। ਉਨ੍ਹਾਂ ਅੱਗੇ ਕਿਹਾ, “ਜਿਹੜੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ ‘ਤੇ ਰਾਜ ਕਰਨਗੇ, ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁੰਮਨਾਮੀ ਵਿੱਚ ਭੇਜ ਦਿੱਤਾ ਹੈ। ਅੱਜ ਉਨ੍ਹਾਂ ਨੂੰ ਕਮੇਟੀ ਬਣਾਉਣ ਲਈ ਪੰਜ ਬੰਦੇ ਵੀ ਨਹੀਂ ਮਿਲ ਰਹੇ। ਪੰਜਾਬ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇਹਨਾਂ ਹੰਕਾਰੀ ਆਗੂਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਦਾ ਕਰਾਰਾ ਸਬਕ ਸਿਖਾਇਆ ਹੈ।”

ਅਕਾਲੀ ਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੇ ਲੰਬੇ ਕੁਸ਼ਾਸਨ ਦੌਰਾਨ ਅਕਾਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਪਾਪ ਕੀਤਾ, ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਿਰਦੋਸ਼ ਲੋਕਾਂ ‘ਤੇ ਗੋਲੀਆਂ ਚਲਵਾਈਆਂ। ਉਨ੍ਹਾਂ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਅਤੇ ਸੂਬੇ ਵਿੱਚ ਮਾਫ਼ੀਏ ਨੂੰ ਸ਼ਹਿ ਦਿੱਤੀ। ਅਕਾਲੀ ਦਲ ਨੂੰ ਪਾਇਆ ਗਿਆ ਹਰ ਵੋਟ ਬੇਅਦਬੀ ਦੇ ਹੱਕ ਵਿੱਚ ਫ਼ਤਵਾ ਹੋਵੇਗਾ। ਅਕਾਲੀ ਲੀਡਰਸ਼ਿਪ ਨੇ ਪੰਜਾਬ ਦਾ ਜੋ ਨੁਕਸਾਨ ਕੀਤਾ ਹੈ, ਉਸ ਲਈ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਨੇ ਨਸ਼ਾ ਤਸਕਰੀ ਦੀ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਨੇ ਪੈਰ ਪਸਾਰੇ।”ਉਨ੍ਹਾਂ ਕਿਹਾ, “ਸੱਤਾ ਦੀ ਲਾਲਸਾ ਖਾਤਰ ਅਕਾਲੀ ਦਲ ਹੁਣ ਭਾਜਪਾ ਨਾਲ ਗਠਜੋੜ ਲਈ ਤਰਲੇ ਮਾਰ ਰਿਹਾ ਹੈ, ਜਿਸ ਦੇ ਹੱਥ 700 ਤੋਂ ਵੱਧ ਉਨ੍ਹਾਂ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਜੋ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਸ਼ਹੀਦ ਹੋ ਗਏ ਸਨ। ਇਸ ਅਕਾਲੀ-ਭਾਜਪਾ ਗਠਜੋੜ ਦੀ ਕੋਈ ਵਿਚਾਰਧਾਰਾ ਜਾਂ ਜਨਤਕ ਭਲਾਈ ਦੀ ਚਿੰਤਾ ਨਹੀਂ ਹੈ। ਇਸ ਦਾ ਇੱਕੋ-ਇੱਕ ਮਕਸਦ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਜਿਹੀਆਂ ਸਿਆਸੀ ਚਾਲਾਂ ਨਾਲ ਮੂਰਖ ਨਹੀਂ ਬਣਨਗੇ ਅਤੇ ਦੋਵਾਂ ਪਾਰਟੀਆਂ ਨੂੰ ਢੁਕਵਾਂ ਜਵਾਬ ਦੇਣਗੇ। “ਅਕਾਲੀ ਆਗੂਆਂ ਨੂੰ ਹਮੇਸ਼ਾ ਪੰਜਾਬ ਜਾਂ ਪੰਜਾਬੀਆਂ ਨਾਲੋਂ ਆਪਣੇ ਹਿੱਤਾਂ ਦੀ ਚਿੰਤਾ ਰਹਿੰਦੀ ਹੈ। ਜੇਕਰ ਪ੍ਰਧਾਨ ਮੰਤਰੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਫ਼ੋਨ ਵੀ ਕਰਦੇ ਹਨ ਤਾਂ ਉਹ ਪੰਜਾਬ ਨੂੰ ਲੁੱਟਣ ਲਈ ਦਿੱਲੀ ਨਾਲ ਗਠਜੋੜ ਦੇ ਸੁਫ਼ਨੇ ਦੇਖਣ ਲੱਗ ਪੈਂਦੇ ਹਨ। ‘ਆਪ’ ਸਿਰਫ਼ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ।”

Scroll to Top