ਬਹਿਬਲ ਕਲਾਂ ਗੋਲੀਬਾਰੀ ਮਾਮਲਾ: SIT ਨੇ ਇਕ ਵਾਰ ਫਿਰ ਸੁਖਬੀਰ ਬਾਦਲ ਨੂੰ ਕੀਤਾ ਤਲਬ
ਚੰਡੀਗੜ੍ਹ, 8 ਸਤੰਬਰ : 2015 ਦੇ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ ਹੈ। ਜਾਣਕਾਰੀ ਦੇ ਅਨੁਸਾਰ SIT ਵੱਲੋਂ ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਰਕਾਰ ਅਜਿਹੇ ਕਦਮ ਚੁੱਕ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਨਹੀਂ ਹਟਾ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਨੂੰ ਦੋ ਤਰੀਕਾਂ ’ਤੇ ਅਦਾਲਤ ਵਿੱਚ ਪੇਸ਼ੀ ਭੁਗਤਾਉਣੀ ਪਈ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਮਨ ਕੀਤਾ ਗਿਆ ਹੈ।
ਸੁਖਬੀਰ ਸਿੰਘ ਬਾਦਲ ਇਸ ਮਾਮਲੇ ਵਿੱਚ ਪਹਿਲਾਂ ਵੀ SIT ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। ਉਨ੍ਹਾਂ ਵੱਲੋਂ ਇਹ ਕਿਹਾ ਜਾ ਚੁੱਕਾ ਹੈ ਕਿ ਜਦੋਂ ਵੀ ਜਾਂਚ ਟੀਮ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਏਗੀ, ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਪੇਸ਼ ਹੋਣਗੇ।