ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਸਰਕਾਰ ਨਾਲ ਮਿਲਾਇਆ ਹੱਥ
ਚੰਡੀਗੜ੍ਹ; 10 ਅਕਤੂਬਰ 2026 : ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।
ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੇ ਸਰਕਾਰ ਦੇ ਉਸ ਉਪਰਾਲੇ ਨੂੰ ਦਰਸਾਉਂਦੀ ਹੈ ਜਿਸ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ‘ਨੰਬਰ 1’ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਅਤੇ ਪਰਿਵਾਰਾਂ ਨਾਲ ਮਿਲ ਕੇ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨਾ ਅਤੇ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ।
ਸੂਬੇ ਭਰ ਦੇ ਸਕੂਲਾਂ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਕੈਬਨਿਟ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ, ਜਦਕਿ ਵਿਭਾਗੀ ਅਧਿਕਾਰੀਆਂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਲਗਭਗ 2,000 ਸਕੂਲਾਂ ਦਾ ਦੌਰਾ ਕੀਤਾ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੈਗਾ ਪੀ.ਟੀ.ਐਮ. ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਸਰਕਾਰੀ ਸਕੂਲਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਸੂਬਾ ਪੱਧਰੀ ਉਪਰਾਲੇ ਨੂੰ ਸਫਲ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੂੰ ਵੀ ਵਧਾਈ ਦਿੱਤੀ।
ਸਿੱਖਿਆ ਮੰਤਰੀ ਨੇ ਕਿਹਾ, “ਭਗਵੰਤ ਮਾਨ ਸਰਕਾਰ ਚਾਹੁੰਦੀ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭਾਈਵਾਲ ਬਣਨ। ਅਸੀਂ ਸਿੱਖਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ, ਬੱਚਿਆਂ ਨੂੰ ਅੱਗੇ ਵਧਣ ਵਿੱਚ ਮਦਦ ਕਰਨ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਕੰਮ ਕਰਾਂਗੇ। ਸਾਡਾ ਟੀਚਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣਾ ਅਤੇ ਹਰ ਬੱਚੇ ਲਈ ਬਿਹਤਰ ਮੌਕੇ ਯਕੀਨੀ ਬਣਾਉਣਾ ਹੈ।”
ਉਨ੍ਹਾਂ ਕਿਹਾ, “ਮੈਗਾ ਪੀ.ਟੀ.ਐਮ. ਪੰਜਾਬ ਸਰਕਾਰ ਦੀ ਇੱਕ ਵਿਲੱਖਣ ਪਹਿਲਕਦਮੀ ਹੈ, ਜਿਸਦਾ ਉਦੇਸ਼ ਸਾਡੇ ਬੱਚਿਆਂ ਲਈ ਬਿਹਤਰ ਭਵਿੱਖ ਯਕੀਨੀ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ। ਅਸੀਂ ਚਾਹੁੰਦੇ ਹਾਂ ਕਿ ਮਾਪੇ ਇਹ ਸਮਝਣ ਕਿ ਉਨ੍ਹਾਂ ਦੇ ਬੱਚੇ ਕਿਵੇਂ ਤਰੱਕੀ ਕਰ ਰਹੇ ਹਨ ਅਤੇ ਉਹ ਅਧਿਆਪਕਾਂ ਨਾਲ ਮਿਲ ਕੇ ਆਪਣੇ ਬੱਚਿਆਂ ਨੂੰ ਹੋਰ ਬਿਹਤਰ ਪ੍ਰਦਰਸ਼ਨ ਕਰਨ ਵਿੱਚ ਮਦਦ ਕਰਨ। ਸਾਡਾ ਸਾਂਝਾ ਟੀਚਾ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਸਫਲ ਹੋਣ ਦਾ ਬਰਾਬਰ ਮੌਕਾ ਪ੍ਰਾਪਤ ਹੋਵੇ।”