ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ
ਚੰਡੀਗੜ੍ਹ, 18 ਨਵੰਬਰ : ਸੂਬੇ ਭਰ ਵਿੱਚ ਹੇਠਲੇ ਪੱਧਰ ਤੱਕ ਮਿਆਰੀ ਜਨਤਕ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਹੋਰ 333 ਪਿੰਡ ਕਲੀਨਿਕ ਜਲਦ ਖੋਲ੍ਹਣ ਦਾ ਐਲਾਨ ਕੀਤਾ, ਜਿਸ ਨਾਲ ਪਿੰਡ ਕਲੀਨਿਕਾਂ ਦੀ ਕੁੱਲ ਗਿਣਤੀ 591 ਹੋ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ 258 ‘ਪਿੰਡ ਕਲੀਨਿਕ’ (ਪਿੰਡ ਪੱਧਰੀ ਕਲੀਨਿਕ) ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੇ ਹਨ।
ਇਹ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੇ ਘਰਾਂ ਦੇ ਨਜ਼ਦੀਕ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਪਹਿਲਾਂ ਤੋਂ ਹੀ ਕਾਰਜਸ਼ੀਲ 1244 ਆਮ ਆਦਮੀ ਕਲੀਨਿਕਾਂ ਤੋਂ ਵੱਖਰੇ ਹਨ।
ਇੱਥੇ ਸਿਵਲ ਸਰਜਨਾਂ ਦੀ ਸੂਬਾ ਪੱਧਰੀ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਸੇਵਾਵਾਂ ਦੀ ਜ਼ਿਲ੍ਹਾ-ਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਭਰੋਸਾ ਕੁਸ਼ਲ ਡਾਕਟਰੀ ਇਲਾਜ ਅਤੇ ਹਮਦਰਦੀ ਭਰੇ ਵਤੀਰੇ- ਦੋਵਾਂ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖਭਾਲ ਵਾਲੇ ਵਿਅਕਤੀਆਂ ਨਾਲ ਪੂਰੀ ਹਮਦਰਦੀ ਨਾਲ ਪੇਸ਼ ਆਉਣ, ਤਾਂ ਜੋ ਨਾਗਰਿਕਾਂ ਨੂੰ ਮਿਆਰੀ ਇਲਾਜ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਹੇਠਲੇ ਪੱਧਰ ਦੇ ‘ਪਿੰਡ ਕਲੀਨਿਕਾਂ’ ਤੋਂ ਲੈ ਕੇ ਜ਼ਿਲ੍ਹਾ ਹਸਪਤਾਲਾਂ ਤੱਕ ਹਰੇਕ ਸਰਕਾਰੀ ਸਿਹਤ ਸੰਸਥਾ ਵਿੱਚ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਟਾਫ਼ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਈ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀਆਂ ਸਿਹਤ ਪਹਿਲਕਦਮੀਆਂ ਦੇ ਉਸਾਰੂਪ੍ਰ ਭਾਵ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ—ਜਿੱਥੇ 107 ਕਿਸਮ ਦੀਆਂ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਮੁਹਈਆ ਕਰਵਾਏ ਜਾਂਦੇ ਹਨ, ਕਾਫ਼ੀ ਹੱਦ ਤੱਕ ਲੋਕਾਂ ਦਾ ਭਰੋਸਾ ਜਿੱਤਣ ਵਿੱਚ ਕਾਮਯਾਬ ਰਹੇ ਹਨ। ਡਾ ਬਲਬੀਰ ਸਿੰਘ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਲਗਾਤਾਰ ਖਰਾ ਉਤਰਨ ਲਈ ਲਈ ਕੋਈ ਵੀ ਆਮ ਆਦਮੀ ਕਲੀਨਿਕ ਡਾਕਟਰ ਅਤੇ ਸਟਾਫ਼ ਤੋਂ ਬਿਨਾਂ ਨਹੀਂ ਰਹਿਣਾ ਚਾਹੀਦਾ।
ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਨਵੰਬਰ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ ਲਗਾ ਦਿੱਤੀਆਂ ਜਾਣਗੀਆਂ। ਉਨ੍ਹਾਂ ਸਥਾਨਕ ਹਸਪਤਾਲਾਂ ਵਿੱਚ ਸੁਧਾਰ ਲਿਆਉਣ ਲਈ ਰੋਗੀ ਕਲਿਆਣ ਸਮਿਤੀ ਦੀਆਂ ਨਿਯਮਤ ਮਹੀਨਾਵਾਰ ਅਤੇ ਤਿਮਾਹੀ ਮੀਟਿੰਗਾਂ ਕਰਨ ‘ਤੇ ਵੀ ਜ਼ੋਰ ਦਿੱਤਾ।
ਜਨਤਕ ਸਿਹਤ ਤਰਜੀਹਾਂ ਸਬੰਧੀ ਅਹਿਮ ਨਿਰਦੇਸ਼ ਜਾਰੀ ਕਰਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਠੋਸ ਢੰਗ ਨਾਲ ਲਾਗੂ ਕਰਨ, ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਭਰ ਵਿੱਚ ਨਸ਼ਿਆਂ ਨਾਲ ਸਬੰਧਤ ਹਰ ਸ਼ੱਕੀ ਮੌਤ ਦਾ ਬਾਰੀਕੀ ਨਾਲ ਆਡਿਟ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਸਿਹਤ ਯੋਜਨਾ—10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ—ਦੀ ਸਮੀਖਿਆ ਕਰਦਿਆਂ ਸਿਹਤ ਮੰਤਰੀ ਨੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਵਿੱਚ ਤੇਜ਼ੀ ਲਿਆਉਣ ਲਈ ਸਿਵਲ ਸਰਜਨਾਂ ਨੂੰ ਢੁਕਵੀਆਂ ਹਦਾਇਤਾਂ ਜਾਰੀ ਕੀਤੀਆਂ।