ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ
ਪਟਿਆਲਾ 24 ਨਵੰਬਰ : ਜਗਤ ਗੁਰੂ ਸਮੁੱਚੀ ਮਾਨਵਤਾ ਦੇ ਰਹਿਬਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਈਆਂ. ਤੜਕ ਸਵੇਰ ਤੋਂ ਵੱਖ ਵੱਖ ਸਿੱਖ ਸੰਸਥਾਵਾਂ ਵੱਲੋਂ ਪ੍ਰਕਾਸ਼ ਦਿਹਾੜੇ ਮੌਕੇ ਕੱਢੀ ਗਈਆਂ ਪ੍ਰਭਾਤ ਫੇਰੀਆਂ ਗੁਰੂ ਘਰ ਪੁੱਜੀਆਂ, ਜਿਨਾਂ ਨੇ ਆਤਿਸ਼ਬਾਜੀ ਕਰਕੇ ਪ੍ਰਕਾਸ਼ ਪੁਰਬ ਦੀ ਇਕ ਦੂਜੇ ਨੂੰ ਵਧਾਈ ਦਿੱਤੀ. ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਕਵਾੜ ਖੁੱਲ੍ਹਣ ਉਪਰੰਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ. ਇਸ ਉਪਰੰਤ ਵੱਡੀ ਗਿਣਤੀ ਵਿਚ ਸੰਗਤਾਂ ਦੀ ਆਮਦ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ, ਪਰਿਕਰਮਾ ਦੇ ਆਲੇ ਮੋਮਬੱਤੀਆਂ ਜਗਾ ਕੇ ਵਾਹਿਗੁਰੂ ਦਾ ਜਾਪ ਅਤੇ ਨਾਮ ਸਿਮਰਨ ਕੀਤਾ ਅਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ.
ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਉਚੇਚੇ ਤੌਰ ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਸ਼ਿਰਕਤ ਕੀਤੀ. ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸਪੂਰ ਨੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਰਚਿਤ ਬਾਣੀ ਨੇ ਸਮੁੱਚੀ ਮਾਨਵਤਾ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਨਾਲ ਜੁੜਨ ਲਈ ਪ੍ਰੇਰਿਆ.
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਿਸ਼ਵ ਦੇ ਰਹਿਬਰ ਹਨ, ਜੋ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ. ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਸੰਕਲਪ ਲਈਏ. ਇਸ ਮੌਕੇ ਗੁਰਦੁਆਰਾ ਸਾਹਿਬ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕੀਤਾ ਅਤੇ ਸਮੁੱਚੀ ਸੰਗਤ ਦਾ ਵੀ ਧੰਨਵਾਦ ਕੀਤਾ. ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਗੋਲਡੀ, ਕਰਨੈਲ ਸਿੰਘ, ਗੁਰਦੀਪ ਸਿੰਘ ਸ਼ੇਖੂਪੁਰ, ਸੁਖਬੀਰ ਸਿੰਘ ਅਬਲੋਵਾਲ, ਪਲਵਿੰਦਰ ਸਿੰਘ ਰਿੰਕੂ, ਹਰਵਿੰਦਰ ਸਿੰਘ ਕਾਹਲਵਾਂ ਪ੍ਰਚਾਰਕ ਜਸਵੀਰ ਸਿੰਘ, ਭਾਈ ਗੁਲਵਿੰਦਰ ਸਿੰਘ ਸੁਖਦੇਵ ਸਿੰਘ ਕਾਹਲਵਾਂ ਆਦਿ ਸਖਸ਼ੀਅਤਾਂ ਵੀ ਮੌਜੂਦ ਸਨ.
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ. ਇਸ ਮੌਕੇ ਅੰਮ੍ਰਿਤ ਦਾਤ ਸੰਗਤਾਂ ਨੇ ਪੰਜ ਪਿਆਰਿਆਂ ਪਾਸੋਂ ਪ੍ਰਾਪਤ ਕੀਤੀ. ਅੰਮ੍ਰਿਤ ਦਾਤ ਪ੍ਰਾਪਤ ਕਰਨ ਵਾਲਿਆਂ ਵਿਚ ਮਹਿਲਾਵਾਂ, ਬਜ਼ੁਰਗ, ਨੌਜਵਾਨ ਅਤੇ ਬੱਚੇ ਆਦਿ ਵੀ ਸ਼ਾਮਲ ਸਨ. ਇਸ ਮੌਕੇ ਪੰਜ ਪਿਆਰਿਆਂ ਨੇ ਸੰਗਤਾਂ ਨੂੰ ਖੰਡੇ ਬਾਟੇ ਦੀ ਪਹੁਲ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ.