'ਖੁਸ਼ਹਾਲ ਪੰਜਾਬ ਮਹਾ ਰੈਲੀ' ਲਈ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਸਮਾਣਾ ਤੋਂ 107 ਗੱਡੀਆਂ ਦਾ ਵਿਸ਼ਾਲ ਕਾਫਲਾ ਰਵਾਨਾ
ਪਟਿਆਲਾ, 26 ਨਵੰਬਰ 2026 – ਆਮ ਆਦਮੀ ਪਾਰਟੀ (ਆਪ) ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਵਿੱਚ ਸ਼ਮੂਲੀਅਤ ਕਰਨ ਲਈ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਹਲਕਾ ਸਮਾਣਾ ਤੋਂ 107 ਗੱਡੀਆਂ ਦਾ ਵਿਸ਼ਾਲ ਕਾਫਲਾ ਪੂਰੇ ਜੋਸ਼, ਜਨੂੰਨ ਅਤੇ ਉਤਸ਼ਾਹ ਨਾਲ ਮੋਗਾ ਲਈ ਰਵਾਨਾ ਹੋਇਆ। ਇਸ ਵਿਸ਼ਾਲ ਕਾਫਲੇ ਵਿੱਚ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ, ਸਰਪੰਚਾਂ, ਪੰਚਾਂ, ਬਲਾਕ ਪ੍ਰਧਾਨਾਂ, ਪਾਰਟੀ ਅਹੁਦੇਦਾਰਾਂ, ਵਲੰਟੀਅਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਪ੍ਰਤੀ ਆਪਣਾ ਅਟੁੱਟ ਭਰੋਸਾ ਅਤੇ ਉਤਸ਼ਾਹ ਪ੍ਰਗਟਾਇਆ।
ਕਾਫਲੇ ਦੀ ਰਵਾਨਗੀ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਪੰਜਾਬ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਤੋਂ 14 ਸਾਲ ਪਹਿਲਾਂ ਭ੍ਰਿਸ਼ਟਾਚਾਰ ਵਿਰੁੱਧ ਆਮ ਲੋਕਾਂ ਦੀ ਬੁਲੰਦ ਆਵਾਜ਼ ਵਿੱਚੋਂ ਇਸ ਪਾਰਟੀ ਦਾ ਜਨਮ ਹੋਇਆ ਸੀ, ਜਿਸ ਨੇ ਭਾਰਤੀ ਰਾਜਨੀਤੀ ਦੀ ਦਸ਼ਾ ਅਤੇ ਦਿਸ਼ਾ ਦੋਵੇਂ ਬਦਲ ਕੇ ਰੱਖ ਦਿੱਤੀਆਂ ਹਨ ਅਤੇ ਦੇਸ਼ ਦੀ ਸਿਆਸਤ ਵਿੱਚ ਇੱਕ ਨਵੇਂ ਤੇ ਇਮਾਨਦਾਰ ਯੁੱਗ ਦੀ ਸ਼ੁਰੂਆਤ ਕੀਤੀ ਹੈ।
ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਰਵਾਇਤੀ ਪਾਰਟੀਆਂ ਦੀ ਸਵਾਰਥੀ ਰਾਜਨੀਤੀ ਨੂੰ ਖ਼ਤਮ ਕਰਕੇ ਆਮ ਲੋਕਾਂ ਦੀਆਂ ਬੁਨਿਆਦੀ ਜਰੂਰਤਾਂ ਅਤੇ ਸਮੱਸਿਆਵਾਂ ਦੇ ਹੱਲ ਨੂੰ ਮੁੱਖ ਕੇਂਦਰ ਬਣਾਇਆ ਹੈ। ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਮੁਫ਼ਤ ਬਿਜਲੀ, ਨੌਜਵਾਨਾਂ ਲਈ ਰੁਜ਼ਗਾਰ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਪਾਰਟੀ ਦੀਆਂ ਮੁੱਖ ਤਰਜੀਹਾਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਇਮਾਨਦਾਰ ਅਗਵਾਈ ਹੇਠ ਸੂਬੇ ਦੀ ‘ਆਪ’ ਸਰਕਾਰ ਨੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਕਈ ਇਤਿਹਾਸਕ ਤੇ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ।
ਸ. ਹਰਚੰਦ ਸਿੰਘ ਬਰਸਟ ਨੇ ਦਾਅਵਾ ਕੀਤਾ ਕਿ ਮੋਗਾ ਵਿਖੇ ਹੋ ਰਹੀ ਇਹ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਇਤਿਹਾਸਕ ਹੋਵੇਗੀ, ਜੋ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਮਾਣਾ ਦੇ ਲੋਕਾਂ ਵਿੱਚ ਇਸ ਰੈਲੀ ਪ੍ਰਤੀ ਜੋ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ, ਉਹ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।