ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਪਟਿਆਲਾ, 5 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ ‘ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ ।
ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰੇ ਲਗਾਉਣ ਸਬੰਧੀ ਹੁਕਮ ਜਾਰੀ :
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ ‘ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2025 ਤੱਕ ਲਾਗੂ ਰਹਿਣਗੇ ।

Leave a Comment

Your email address will not be published. Required fields are marked *

Scroll to Top