ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ/ ਸੰਗਰੂਰ, 7 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਉਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਲਈ ਉਸਾਰੂ ਮਾਹੌਲ ਸਿਰਜਿਆ – ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਇਹਨਾਂ ਦੋਵੇਂ ਖੇਤਰਾਂ, ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੋਲੀ ਰੱਖਿਆ ਪਰ ਮਾਨ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ ।

ਪਿਛਲੇ ਤਿੰਨ ਸਾਲਾਂ ਵਿੱਚ 9000 ਤੋਂ ਵਧੇਰੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ

ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 9000 ਤੋਂ ਵਧੇਰੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਨਾਲ ਇੱਕ ਨਵੇਂ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ ਜਿੱਥੇ ਪੜ੍ਹਾਈ ਲਈ ਉਸਾਰੂ ਮਾਹੌਲ, ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ, ਵਾਈ ਫਾਈ ਸੁਵਿਧਾ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਟੋਆਇਲਟ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਸਰਵੋਤਮ ਵਿਦਿਅਕ ਮਾਹੌਲ ਸਦਕਾ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇ. ਈ. ਈ. ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਿਆ ਹੈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਹੋਣਹਾਰ ਵਿਦਿਆਰਥੀ ਰੌਸ਼ਨ ਕੁਮਾਰ ਵੀ ਸ਼ਾਮਿਲ ਹੈ ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ ਵਿਖੇ 1.98 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਜਿਵੇਂ ਸਾਇੰਸ ਲੈਬ, ਲਾਈਬਰੇਰੀ, ਫਿਜਿਕਸ ਲੈਬ, ਬਾਇਓ ਲੈਬ, ਕੰਪਿਊਟਰ ਲੈਬ, ਰਿਸੋਰਸ ਰੂਮ ਦੀ ਸ਼ੁਰੂਆਤ ਕਰਵਾਈ। ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਤਕੀਪੁਰ ਵਿਖੇ 9.55 ਲੱਖ ਨਾਲ ਬਣਨ ਵਾਲੇ ਨਵੇਂ ਕਲਾਸ ਰੂਮ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ 9.55 ਲੱਖ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਲਾਸ ਰੂਮ ਦੇ ਨੀਹ ਪੱਥਰ ਰੱਖੇ। ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਾਹੋਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੱਡਰੀਆਂ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਮਰੇ ਦਾ ਨੀਹ ਪੱਥਰ ਰੱਖਿਆ । ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਵਿਖੇ 9.55 ਲੱਖ ਨਾਲ ਤਿਆਰ ਹੋਣ ਵਾਲੇ ਕਮਰੇ ਦਾ ਨੀਂਹ ਪੱਥਰ ਰੱਖਣ ਦੇ ਨਾਲ ਨਾਲ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਵੀ ਕੀਤਾ ।

ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇ : ਕੈਬਨਿਟ ਮੰਤਰੀ 

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਆਰੰਭੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਉਦੇਸ਼ਾਂ ਨੂੰ ਪੂਰਾ ਕੀਤਾ ਜਾ ਸਕੇ । ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਹਰ ਪੱਖੋਂ ਮੋਹਰੀ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਕਿ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵਡਮੁੱਲਾ ਯੋਗਦਾਨ ਪਾ ਸਕਦੀ ਹੈ ।

ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ, ਪ੍ਰਬੰਧਕੀ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸਨਮਾਨਿਤ ਵੀ ਕੀਤਾ

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ, ਪ੍ਰਬੰਧਕੀ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਰਣਦੀਪ ਸਿੰਘ ਸਰਪੰਚ ਬਡਰੁੱਖਾਂ, ਸਤਨਾਮ ਸਿੰਘ ਕਾਲਾ ਬਡਰੁੱਖਾਂ, ਜੱਸੀ ਬਡਰੁੱਖਾਂ, ਬਲਦੇਵ ਸਿੰਘ ਪੰਚ, ਰਾਮ ਕੁਮਾਰ, ਸਾਹਿਬ ਸਿੰਘ, ਸੰਦੀਪ ਦੁੱਗਾਂ, ਗੁਰਦੀਪ ਤਕੀਪੁਰ, ਜਗਰਾਜ ਸਰਪੰਚ ਮੰਡੇਰ ਕਲਾਂ, ਬਲਵਿੰਦਰ ਢਿੱਲੋਂ, ਮਨੀ ਰੱਤੋਕੇ , ਗੋਪੀ ਢੱਡਰੀਆਂ, ਦਵਿੰਦਰ ਢੱਡਰੀਆਂ, ਸੁੱਖ ਸਰਪੰਚ ਸਾਹੋਕੇ, ਮਨਜੀਤ ਢੱਡਰੀਆਂ, ਸੁਰਜੀਤ ਸਰਪੰਚ ਤੋਗਾਵਾਲ, ਗੁਰਸੇਵਕ ਤੋਗਾਵਾਲ, ਨਾਜਰ ਸਿੰਘ, ਅਮਨਦੀਪ ਸਿੰਘ ਤੋਗਾਵਾਲ, ਦਵਿੰਦਰ ਸਰਪੰਚ ਬੁੱਗਰਾਂ, ਵਿੱਕੀ ਸਰਪੰਚ ਕੁਨਰਾਂ, ਗੁਰਚਰਨ ਸਿੰਘ ,ਹਰਪ੍ਰੀਤ ਕੌਰ ਸਰਪੰਚ ਢੱਡਰੀਆਂ, ਜਸਪਾਲ ਸਿੰਘ ਸਰਪੰਚ ਤੱਕੀਪੁਰ, ਹਰਪਾਲ ਸਿੰਘ ਸਰਪੰਚ ਰਤੋਕੇ, ਜਗਪਾਲ ਸਾਹੋਕੇ, ਜੋਧਾ ਸਾਹੋਕੇ ਵੀ ਹਾਜ਼ਰ ਸਨ ।

Leave a Comment

Your email address will not be published. Required fields are marked *

Scroll to Top