ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜੇ. ਈ. ਈ. ਮੇਨਜ਼ ਪ੍ਰੀਖਿਆ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜੇ. ਈ. ਈ. ਮੇਨਜ਼ ਪ੍ਰੀਖਿਆ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਤ
ਜ਼ਿਲ੍ਹਾ ਸੰਗਰੂਰ ਦੇ ਚਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ 90 ਪਰਸੈਂਟਾਈਲ ਤੋਂ ਵੱਧ ਅੰਕ ਕੀਤੇ ਹਾਸਲ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ
ਸੰਗਰੂਰ, 18 ਫਰਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਉਹਨਾਂ ਚਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਬੁਲਾ ਕੇ ਸਨਮਾਨਿਤ ਕੀਤਾ, ਜਿਨ੍ਹਾਂ ਨੇ ਹਾਲ ਹੀ ਵਿੱਚ ਹੋਈ ਜੇ. ਈ. ਈ. ਮੇਨਜ਼ ਦੀ ਪ੍ਰੀਖਿਆ ਵਿੱਚ 90 % ਤੋਂ ਵੱਧ ਪਰਸੈਂਟਾਈਲ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਹੋਣਹਾਰ ਵਿਦਿਆਰਥੀਆਂ ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਮਿਹਨਤ ਲਗਨ ਅਤੇ ਦ੍ਰਿੜਤਾ ਨਾਲ ਪੜ੍ਹਾਈ ਨੂੰ ਜਾਰੀ ਰੱਖਿਆ ਜਾਵੇ ਤਾਂ ਜੋ ਉਚੇਰੀਆਂ ਪ੍ਰਾਪਤੀਆਂ ਦਰਜ ਕੀਤੀਆਂ ਜਾ ਸਕਣ । ਉਹਨਾਂ ਨੇ 98. 04 ਪਰਸੈਂਟਾਈਲ ਅੰਕ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦੇ ਵਿਦਿਆਰਥੀ ਰੋਸ਼ਨ ਕੁਮਾਰ, 92.90 ਪਰਸੈਂਟਾਈਲ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਨਕ ਦੇ ਵਿਦਿਆਰਥੀ ਪ੍ਰੇਮ ਕੁਮਾਰ, 92.50 ਪਰਸੈਂਟਾਈਲ ਹਾਸਲ ਕਰਨ ਵਾਲੇ ਸਕੂਲ ਆਫ ਐਮੀਨੈਂਸ ਸੁਨਾਮ ਦੇ ਵਿਦਿਆਰਥੀ ਨਿਤਿਨ ਗੋਇਲ ਅਤੇ 91.57 ਪਰਸੈਂਟਾਈਲ ਅੰਕ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਦੇ ਵਿਦਿਆਰਥੀ ਅਰਵਿਸ਼ ਨਾਲ ਖੁੱਲ ਕੇ ਗੱਲਬਾਤ ਕੀਤੀ ਅਤੇ ਉਹਨਾਂ ਨਾਲ ਆਪਣੇ ਜੀਵਨ ਤਜਰਬੇ ਸਾਂਝੇ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿੰਦਗੀ ਵਿੱਚ ਬੁਲੰਦੀਆਂ ਨੂੰ ਹਾਸਲ ਕਰਨ ਲਈ ਨਿਰੰਤਰ ਅਭਿਆਸ ਅਤੇ ਧਿਆਨ ਇਕਾਗਰ ਕਰਨ ਦੀ ਲੋੜ ਹੁੰਦੀ ਹੈ ਅਤੇ ਮਿਥੇ ਗਏ ਟੀਚੇ ਨੂੰ ਪੂਰਾ ਕਰਨ ਲਈ ਤਨ ਮਨ ਲਗਾ ਕੇ ਪੜ੍ਹਾਈ ਕਰਨੀ ਚਾਹੀਦੀ ਹੈ । ਡਿਪਟੀ ਕਮਿਸ਼ਨਰ ਨੇ ਸੰਬੰਧਿਤ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਿਹਾ ਕਿ ਉਹ ਵਧਾਈ ਦੇ ਪਾਤਰ ਹਨ ਕਿਉਂ ਕਿ ਬੱਚੇ ਤਾਂ ਹੀ ਵੱਡੀਆਂ ਮੱਲਾਂ ਮਾਰ ਸਕਦੇ ਹਨ ਜੇਕਰ ਉਹਨਾਂ ਨੂੰ ਯੋਗ ਅਗਵਾਈ ਮਿਲਦੀ ਰਹੇ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਹੋਰਨਾਂ ਦਾ ਰਾਹ ਦਸੇਰਾ ਬਣਦੇ ਹੋਏ ਮਿਹਨਤ ਨਾਲ ਸੂਬੇ ਦਾ ਨਾਮ ਪੂਰੇ ਦੇਸ਼ ਅਤੇ ਦੁਨੀਆਂ ਵਿੱਚ ਚਮਕਾਉਣ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਤਰਵਿੰਦਰ ਕੌਰ ਤੋਂ ਇਲਾਵਾ ਸੰਬੰਧਿਤ ਸਕੂਲਾਂ ਦੇ ਪ੍ਰਿੰਸੀਪਲ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਮੌਜੂਦ ਸਨ।

Leave a Comment

Your email address will not be published. Required fields are marked *

Scroll to Top