ਹਾਈਕੋਰਟ ਨੇ ਕੇਂਦਰ ਤੋਂ ਮੰਗਿਆ ਹੈ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਨੂੰ ਲੈ ਕੇ ਜਵਾਬ
ਚੰਡੀਗੜ੍ਹ : ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਸੰਸਦ ਸੈਸ਼ਨ ਵਿਚ ਸ਼ਾਮਲ ਹੋਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖਲ ਕਰਨ ਵਾਲੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹਾਈਕੋਰਟ ਨੇ ਕੇਂਦਰ ਤੋਂ ਹੀ ਜਵਾਬ ਮੰਗਿਆ ਹੈ।ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ਼ ਮੈਂਬਰ ਪਾਰਲੀਮੈਂਟ ਹਨ।ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਉਸਦੀ ਸੀਟ ਖਾਲੀ ਐਲਾਨਣ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ । ਹਾਲ ਦੀ ਘੜੀ ਪਟੀਸ਼ਨ `ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਕੋਈ ਵੀ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿੱਚ ਸਪੱਸ਼ਟ ਆਖਿਆ ਹੈ ਕਿ ਅਸਾਮ ਜੇਲ੍ਹ ਵਿੱਚ ਨਜ਼ਰਬੰਦ ਹੋਣ ਕਾਰਨ ਉਹ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਪਾ ਰਹੇ ਹਨ ਤੇ ਉਸਨੂੰ ਜ਼ਬਰਦਸਤੀ ਗੈਰ ਹਾਜ਼ਰ ਰੱਖਿਆ ਜਾ ਰਿਹਾ ਹੈ, ਜਿਸਦਾ ਉਦੇਸ਼ ਉਸਦੇ ਸੰਸਦੀ ਹਲਕੇ ਨੂੰ ਪ੍ਰਤੀਨਿਧਤਾ ਤੋਂ ਵਾਂਝਾ ਕਰਨਾ ਅਤੇ 60 ਦਿਨਾਂ ਦੀ ਗੈਰ ਹਾਜ਼ਰੀ ਤੋਂ ਬਾਅਦ ਉਸਦੀ ਸੀਟ ਨੂੰ ਖਾਲੀ ਐਲਾਣਨਾ ਹੈ, ਇਸ ਦੇ ਨਾਲ ਨਾ ਸਿਰਫ਼ ਅੰਮ੍ਰਿਤਪਾਲ ਲਈ ਸਗੋਂ ਹਲਕੇ ਦੇ ਵੋਟਰਾਂ ਲਈ ਵੀ ਗੰਭੀਰ ਨਤੀਜੇ ਹੋ ਸਕਦੇ ਹਨ । ਅੰਮ੍ਰਿਤਪਾਲ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਦੀ ਇਜਾਜ਼ਤ ਵੀ ਮੰਗੀ ਹੈ, ਤਾਂ ਜੋ ਉਹ ਆਪਣੇ ਸੰਸਦੀ ਹਲਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਦੇ ਮੁੱਦਿਆਂ `ਤੇ ਚਰਚਾ ਕਰ ਸਕਣ। ਪਟੀਸ਼ਨ ਵਿੱਚ ਅੰਮ੍ਰਿਤਪਾਲ ਕਹਿੰਦਾ ਹੈ ਕਿ ਉਹ ਇੱਕ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਇਸ ਲਈ ਉਨ੍ਹਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਲਈ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਗੱਲਬਾਤ ਕਰਨ ਦਾ ਪੂਰਾ ਅਧਿਕਾਰ ਹੈ ।
ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ 60 ਦਿਨਾਂ ਤੱਕ ਸੰਸਦ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿਣ ਤੋਂ ਬਾਅਦ, ਉਸਦੀ ਸੀਟ ਨੂੰ ਖਾਲੀ ਘੋਸ਼ਿਤ ਕੀਤਾ ਜਾਵੇਗਾ ਅਤੇ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ। ਜਦੋਂ ਕਿ ਅਸਲੀਅਤ ਇਹ ਹੈ ਕਿ ਉਸਨੂੰ ਜ਼ਬਰਦਸਤੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣ ਤੋਂ ਰੋਕਿਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਇਸਨੂੰ ਗੈਰਹਾਜ਼ਰੀ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਇੱਕ ਜ਼ਬਰਦਸਤੀ ਕਦਮ ਹੈ, ਜਿਸ ਦੁਆਰਾ ਪਟੀਸ਼ਨਕਰਤਾ ਨੂੰ ਸੰਸਦ ਤੋਂ ਦੂਰ ਰੱਖਿਆ ਜਾ ਰਿਹਾ ਹੈ ।