ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ

ਦੁਆਰਾ: Punjab Bani ਪ੍ਰਕਾਸ਼ਿਤ :Thursday, 08 February, 2024, 07:53 PM

ਪਾਕ ਵਿੱਚ ਚੋਣਾਂ ਲਈ ਅੱਜ ਹੋਈ ਵੋਟਿੰਗ : 4 ਪੁਲਿਸ ਕਰਮਚਾਰੀ ਹਲਾਕ
ਇਸਲਾਮਾਬਾਦ, 8 ਫਰਵਰੀ
ਪਾਕਿਸਤਾਨ ’ਚ ਆਮ ਚੋਣਾਂ ਲਈ ਅੱਜ ਵੋਟਿੰਗ ਹੋਈ। ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ’ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ, ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਚੱਲੀ। ਇਸ ਦੌਰਾਨ ਅਸ਼ਾਂਤ ਖੈ਼ਬਰ ਪਖ਼ਤੂਨਖਵਾ ‘ਚ ਅਫ਼ਗਾਨਿਸਤਾਨ ਸਰਹੱਦ ਨੇੜੇ ਅੱਜ ਚੋਣ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੇ ਵਾਹਨ ‘ਤੇ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੇ ਬੰਬ ਧਮਾਕੇ ਅਤੇ ਗੋਲੀਬਾਰੀ ‘ਚ 4 ਪੁਲੀਸ ਕਰਮਚਾਰੀ ਮਾਰੇ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ।ਇਨ੍ਹਾਂ ਚੋਣਾਂ ਵਿੱਚ ਦੇਸ਼ ਭਰ ਵਿੱਚ ਕੁੱਲ 12,85,85,760 ਵੋਟਰ ਹਨ। ਅੱਜ ਦੇਸ਼ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ। ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜੇਲ੍ਹ ‘ਚ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ। ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਮੀਦਵਾਰ ਆਜ਼ਾਦ ਚੋਣ ਲੜ ਰਹੇ ਹਨ। ਆਮ ਚੋਣਾਂ ਲਈ ਲਗਪਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਚੋਣ ਵਿੱਚ 12.85 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਵੋਟ ਪਾ ਸਕਣਗੇ।



Scroll to Top