ਚੰਡੀਗੜ ਦੀਆਂ ਬਰੂਹਾਂ ਤੇ ਧਰਨਾ ਦੇ ਰਹੇ ਕਿਸਾਨਾਂ ਨੇ ਕੀਤਾ ਧਰਨਾ ਸਮਾਪਤ ; ਹੋਈ ਰਾਜਪਾਲ ਨਾਲ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Tuesday, 28 November, 2023, 07:57 PM

ਚੰਡੀਗੜ ਦੀਆਂ ਬਰੂਹਾਂ ਤੇ ਧਰਨਾ ਦੇ ਰਹੇ ਕਿਸਾਨਾਂ ਨੇ ਕੀਤਾ ਧਰਨਾ ਸਮਾਪਤ ; ਹੋਈ ਰਾਜਪਾਲ ਨਾਲ ਮੀਟਿੰਗ
ਚੰਡੀਗੜ, 28 ਨਵੰਬਰ : 26 ਨਵੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨਾ ਦੇ ਰਹੇ ਕਿਸਾਨਾਂ ਦੀ ਅੱਜ ਰਾਜਪਾਲ ਨਾਲ ਮੀਟਿੰਗ ਹੋਈ ਤੇ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਇਆਂ ਸਰਹੱਦ ‘ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤੇ ਗਏ ਸਨ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ ਕਿ ਲੋੜ ਪੈਣ ’ਤੇ ਹਾਊਸਿੰਗ ਬੋਰਡ ਚੌਕ ਤੋਂ ਟ੍ਰੈਫਿਕ ਨੂੰ ਮੋੜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਫੈਦਾ ਪਿੰਡ ਕੋਲ ਨਾਕਾ ਲਾਇਆ ਹੋਇਆ ਹੈ।



Scroll to Top