ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਣ

ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਵੱਲੋਂ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਣ
ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ
ਬਠਿੰਡਾ, 22 ਅਕਤੂਬਰ 2023: ਵਿਜੀਲੈਂਸ ਬਿਊਰੋ ਬਠਿੰਡਾ ਨੇ ਸਾਬਕਾ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੂੰ 23 ਅਕਤੂਬਰ ਸਵੇਰੇ 10.30 ਵਜੇ ਬਠਿੰਡਾ ਦਫ਼ਤਰ ਵਿੱਚ ਪੇਸ਼ ਹੋਣ ਲਈ ਇੱਕ ਵਾਰ ਮੁੜ ਸੰਮਨ ਜਾਰੀ ਕੀਤੇ ਹਨ। ਵਿਜੀਲੈਂਸ ਨੂੰ ਮਨਪ੍ਰੀਤ ਬਾਦਲ ਵੱਲੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਵੀ ਉਡੀਕ ਹੈ। ਹਾਲਾਂਕਿ ਇਸ ਮੁੱਦੇ ਤੇ ਅਧਿਕਾਰੀ ਕੁੱਝ ਬੋਲਣ ਨੂੰ ਤਿਆਰ ਨਹੀਂ ਪਰ ਸੂਤਰਾਂ ਨੇ ਸੰਮਣ ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ।
ਮਨਪ੍ਰੀਤ ਬਾਦਲ ਵਿਜੀਲੈਂਸ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ ਇਹ ਵੀ ਹਾਲੇ ਤੱਕ ਭੇਦ ਹੀ ਬਣਿਆ ਹੋਇਆ ਹੈ। ਸਾਬਕਾ ਵਿੱਤ ਮੰਤਰੀ ਦਾ ਮੋਬਾਇਲ ਫੋਨ ਬੰਦ ਆ ਰਿਹਾ ਹੈ। ਕਥਿਤ ਬੇਨਿਯਮੀਆਂ ਰਾਹੀਂ ਬਠਿੰਡਾ ਵਿਕਾਸ ਅਥਾਰਟੀ ਤੋਂ ਦੋ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਜਮਾਨਤ ਦੇ ਦਿੱਤੀ ਹੈ ਪਰ ਜਾਂਚ ਟੀਮ ਸਾਬਕਾ ਵਿੱਤ ਮੰਤਰੀ ਤੋਂ ਹੋਰ ਜਿਆਦਾ ਪੁੱਛ ਪੜਤਾਲ ਕਰਨਾ ਚਾਹੁੰਦੀ ਹੈ। ਸੂਤਰ ਦੱਸਦੇ ਹਨ ਕਿ ਇਸ ਮਾਮਲੇ ’ਚ ਨਾਮਜਦ ਮੁਲਜਮਾਂ ਕੋਲੋਂ ਪੁੱਛਗਿੱਛ ਦੌਰਾਨ ਵਿਜੀਲੈਂਸ ਦੇ ਹੱਥ ਕਈ ਅਹਿਮ ਤੱਥ ਲੱਗੇ ਹਨ, ਜਿਸ ਕਰ ਕੇ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਬੀਤੀ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਪੰਜਾਬ ਨੇ ਸਾਬਕਾ ਵਿੱਤ ਮੰਤਰੀ ਅਤੇ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਮੌਜੂਦਾ ਭਾਰਤੀ ਜਨਤਾ ਪਾਰਟੀ ਆਗੂ ਮਨਪ੍ਰੀਤ ਬਾਦਲ ਅਤੇ ਬਠਿੰਡਾ ਵਿਕਾਸ ਅਥਾਰਟੀ ਦੇ ਤੱਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਤੋਂ ਇਲਾਵਾ ਬੀਡੀਏ ਦੇ ਸੁਪਰਡੈਂਟ ਪੰਕਜ਼ ਕਾਲੀਆ, ਕਾਰੋਬਾਰੀ ਰਾਜੀਵ ਕੁਮਾਰ ਵਿਕਾਸ ਕੁਮਾਰ ਅਤੇ ਸ਼ਰਾਬ ਦੇ ਠੇਕੇਦਾਰ ਦੇ ਮੁਲਾਜਮ ਅਮਨਦੀਪ ਸਿੰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਧਾਰਾ 409, 420, 467, 468, 471, 120 5ਬੀ, 66 ਸੀ ਆਈਟੀ ਐਕਟ ਤਹਿਤ ਕੇਸ ਦਰਜ ਕਰ ਕੀਤਾ ਸੀ।
