ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ ਉੱਭਰੇਗਾ: ਮੁੱਖ ਮੰਤਰੀ
ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਬਣ ਕੇ ਉੱਭਰੇਗਾ: ਮੁੱਖ ਮੰਤਰੀ
ਕ੍ਰਿਕਟ ਮੈਚ ਦੀ ਕਰਵਾਈ ਸ਼ੁਰੂਆਤ
ਪੰਜਾਬ ਨੂੰ ਜਲਦ ਨਸ਼ਾ ਮੁਕਤ ਕਰਨ ਦਾ ਲਿਆ ਸੰਕਲਪ
ਅੰਮ੍ਰਿਤਸਰ, 18 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੰਕਲਪ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਕਰਵਾਏ ਕ੍ਰਿਕਟ ਮੈਚ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਸੇਸ਼ ਤਵੱਜੋਂ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਦਾ ਹੀ ਨਤੀਜਾ ਹੈ ਕਿ ਪੰਜਾਬੀ ਖਿਡਾਰੀਆਂ ਨੇ ਹੁਣੇ ਜਿਹੇ ਹੀ ਹੋਈਆਂ ਏਸ਼ਿਆਈ ਖੇਡਾਂ ਵਿਚ 19 ਮੈਡਲ ਜਿੱਤੇ ਹਨ, ਜੋ ਕਿ ਇਨ੍ਹਾਂ ਖੇਡਾਂ ਦੇ ਸੰਦਰਭ ਵਿਚ ਕਿਸੇ ਇਕ ਰਾਜ ਵਜੋਂ ਹੁਣ ਤੱਕ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਬੜੇ ਮਾਣ ਅਤੇ ਸਤੁੰਸ਼ਟੀ ਵਾਲੀ ਗੱਲ ਹੈ ਕਿ ਇਸ ਮੁਕਾਬਲੇ ਵਿਚ ਹੋਏ 68 ਗੋਲਾਂ ਵਿਚੋਂ 43 ਗੋਲ ਭਾਰਤੀ ਟੀਮ ਵਿਚ ਸ਼ਾਮਿਲ ਪੰਜਾਬੀ ਖਿਡਾਰੀਆਂ ਨੇ ਕੀਤੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਨੂੰ ਕੁਦਰਤ ਨੇ ਆਪਣੀ ਪਸੰਦ ਦੇ ਹਰ ਖੇਤਰ ਵਿਚ ਜਿੱਤ ਪ੍ਰਾਪਤ ਕਰਨ ਦਾ ਅਦੁੱਤੀ ਜਜ਼ਬਾ ਬਖਸਿ਼ਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆਂ ਭਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਪੰਜਾਬੀਆਂ ਨੇ ਸੂਬੇ ਵਿਚੋਂ ਨਸਿ਼ਆਂ ਦੇ ਸਰਾਪ ਨੂੰ ਮਿਟਾਉਣ ਦਾ ਮਨ ਬਣਾ ਲਿਆ ਹੈ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰਾਂ ਨਾਲ ਨਸ਼ਾ ਮੁਕਤ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਨੂੰ ਮੁੜ ਪ੍ਰਫੁਲਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਹ ਕ੍ਰਿਕਟ ਮੈਚ ਵੀ ਇਸੇ ਪਹਿਲਕਦਮੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਵਿਚੋਂ ਨਸ਼ੇ ਦੇ ਖਾਤਮੇ ਲਈ ਸੂਬਾ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਕੇ ਨਸਿ਼ਆਂ ਦੇ ਖਾਤਮੇ ਲਈ ਜਾਗ ਦਾ ਕੰਮ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਸਾਡੇ ਖਿਡਾਰੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਮੁਕਾਬਲਿਆਂ ਵਿਚ ਮੈਡਲ ਜਿੱਤ ਕੇ ਰਾਜ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਖਿਡਾਰੀਆਂ ਨੂੰ ਨਗਦ ਇਨਾਮ ਅਤੇ ਹੋਰ ਉਤਸ਼ਾਹਤ ਕਰਨ ਲਈ ਉਨ੍ਹਾਂ ਦੀ ਹੌਂਸਲਾ ਅਫਜਾਈ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀਆਂ ਲਈ ਵੀ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਲਈ ਉਚਿਤ ਮੰਚ ਮੁਹਈਆ ਕਰਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਸਮਰੱਥਾਵਾਂ ਅਤੇ ਭਣਤਾਈਆਂ ਦਾ ਪਤਾ ਲਗਦਾ ਹੈ ਜੋ ਕਿ ਉਨ੍ਹਾਂ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਵਿਚ ਸਹਾਈ ਸਿੱਧ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਵਿਚ ਕੋਈ ਕੋਰ ਕਸਰ ਨਹੀਂ ਛੱਡੇਗੀ ਅਤੇ ਖੇਡਾਂ ਰਾਜ ਤੇ ਲੋਕਾਂ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ।