ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਨਿਰੀਖਣ
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਨਿਰੀਖਣ
-ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਹੁਨਰ ਵਿਕਾਸ ਲਈ ਬਣਾਏ ਕਮਰੇ ਦਾ ਕੀਤਾ ਉਦਘਾਟਨ
ਪਟਿਆਲਾ, 30 ਅਕਤੂਬਰ:
ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਦੇ ਨਾਲ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ। ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ।
ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਵੱਲੋਂ ਅੱਜ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿੱਚ ਇੱਕ ਹੁਨਰ ਵਿਕਾਸ ਰੂਮ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਬਿਊਟੀਸ਼ੀਅਨ ਕੋਰਸ, ਕੰਪਿਊਟਰ ਕੋਰਸ, ਫੁਲਕਾਰੀ, ਸਿਲਾਈ, ਖੇਤੀਬਾੜੀ ਅਤੇ ਬਾਗਬਾਨੀ ਵਰਗੇ ਪੇਸ਼ੇਵਰ ਕੋਰਸ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਮੈਡੀਟੇਸ਼ਨ/ਯੋਗਾ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਜਾਂਦੇ ਹਨ।
ਕੇਂਦਰੀ ਜੇਲ੍ਹ, ਪਟਿਆਲਾ ਦੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਬਿਊਟੀਸ਼ੀਅਨ ਦਾ ਕੋਰਸ ਪੂਰਾ ਕਰ ਚੁੱਕੇ ਜੇਲ੍ਹ ਕੈਦੀਆਂ ਵਿੱਚ ਸਰਟੀਫਿਕੇਟ ਵੀ ਵੰਡੇ ਗਏ।
ਇਸ ਤੋਂ ਇਲਾਵਾ ਮਾਨੀ ਅਰੋੜਾ, ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ ਦੇ ਜੇਲ੍ਹ ਕੈਦੀਆਂ ਨਾਲ ਇੱਕ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਜੇਲ੍ਹ ਦੇ ਕੈਦੀਆਂ ਨੂੰ ਨਸ਼ਿਆਂ ਦੇ ਮਨੁੱਖੀ ਸਰੀਰ ਅਤੇ ਦਿਮਾਗ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਨਾਲਸਾ (ਨਸ਼ੇ ਦੀ ਦੁਰਵਰਤੋਂ ਦੇ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਅਤੇ ਨਸ਼ਾਖੋਰੀ ਦੇ ਖਾਤਮੇ) ਸਕੀਮ, 2015, ਪ੍ਰੀ-ਇੰਨਸਟੀਟਿਊਸ਼ਨ ਮੀਡੀਏਸ਼ਨ ਦੀ ਧਾਰਨਾ, ਮੁਫਤ ਕਾਨੂੰਨੀ ਸਹਾਇਤਾ ਅਤੇ ਜੋ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਹਨ, ਬਾਰੇ ਵੀ ਜਾਗਰੂਕ ਕੀਤਾ ਗਿਆ।