ਪੰਜਾਬੀ ਮਾਹ ਸਬੰਧੀ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ
ਪੰਜਾਬੀ ਮਾਹ ਸਬੰਧੀ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ
ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਹੋਵੇਗਾ ਉਦਘਾਟਨੀ ਸਮਾਰੋਹ
ਪਟਿਆਲਾ 30 ਅਕਤੂਬਰ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ‘ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2023 ਨਾਲ ਸਬੰਧਤ ਸਮਾਗਮਾਂ ਦਾ ਆਗਾਜ਼ 1 ਨਵੰਬਰ ਨੂੰ ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਨਾਲ ਹੋਵੇਗਾ। ਇਸ ਉਦਘਾਟਨੀ ਸਮਾਰੋਹ ਦੌਰਾਨ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਸਾਹਿਤਕ ਸਮਾਗਮ ਦੌਰਾਨ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰ ਵੱਖ-ਵੱਖ ਲੇਖਕਾਂ ਨੂੰ ਪ੍ਰਦਾਨ ਕੀਤੇ ਜਾਣਗੇ। ਭਾਸ਼ਾ ਵਿਭਾਗ ਦੀ ਵਧੀਕ ਨਿਰਦੇਸ਼ਕਾਂ ਡਾ. ਵੀਰਪਾਲ ਕੌਰ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਤੋਂ ਬਾਅਦ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਾਹਿਤਕ ਸਮਾਗਮ ਕਰਵਾਏ ਜਾਣਗੇ ਅਤੇ ਆਖਰੀ ਸਮਾਗਮ ਭਾਸ਼ਾ ਭਵਨ ਪਟਿਆਲਾ ਵਿਖੇ ਹੋਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬੀ ਮਾਹ ਦੌਰਾਨ 2 ਨਵੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ‘ਪੰਜਾਬੀ ਭਾਸ਼ਾ ਤੇ ਮੀਡੀਆ’ ਵਿਸ਼ੇ ‘ਤੇ ਸੈਮੀਨਾਰ, 3 ਨਵੰਬਰ ਨੂੰ ਰੋਪੜ ਵਿਖੇ ‘ਬਾਲ ਸਾਹਿਤ ‘ਤੇ ਚਰਚਾ’, 4 ਨਵੰਬਰ ਨੂੰ ਮਾਲੇਰਕੋਟਲਾ ਵਿਖੇ ਉਰਦੂ ਮੁਸ਼ਾਹਿਰਾ, 6 ਨਵੰਬਰ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਜ ਪੱਧਰੀ ਗੋਸ਼ਟੀ, 7 ਨਵੰਬਰ ਨੂੰ ਸੰਗਰੂਰ ਵਿਖੇ ‘ਪੰਜਾਬੀ ਕਹਾਣੀ ਵਰਕਸ਼ਾਪ, 8 ਨਵੰਬਰ ਨੂੰ ਮਾਨਸਾ ਵਿਖੇ ਲੇਖਕ ਮਿਲਣੀ/ਰੂ-ਬੁ-ਰੂ ਤੇ ਪੁਸਤਕ ਰਿਲੀਜ਼ ਸਮਾਗਮ, 9 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਗਦਰ ਲਹਿਰ ਨੂੰ ਸਮਰਪਿਤ ਸਮਾਗਮ, 10 ਨਵੰਬਰ ਨੂੰ ਪਠਾਨਕੋਟ ਵਿਖੇ ਪ੍ਰੰਪਰਾਗਤ ਲੋਕ ਗਾਇਕੀ, ਇਸੇ ਦਿਨ ਬਰਨਾਲਾ ਵਿਖੇ ਸੰਤ ਰਾਮ ਉਦਾਸੀ ਨੂੰ ਸਮਰਪਿਤ ਕਵੀ ਦਰਬਾਰ, 14 ਨਵੰਬਰ ਨੂੰ ਨਵਾਂ ਸ਼ਹਿਰ ਵਿਖੇ ਪੰਜਾਬੀ ਕਵੀ ਦਰਬਾਰ, ਇਸੇ ਦਿਨ ਮੋਗਾ ਵਿਖੇ ਪੰਜਾਬੀ ਨਾਵਲ ਦੀ ਦਸ਼ਾ ਤੇ ਦਿਸ਼ਾ ਬਾਰੇ ਸੈਮੀਨਾਰ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ 15 ਨਵੰਬਰ ਨੂੰ ਜਲੰਧਰ ਵਿਖੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ (ਰਾਜ ਪੱਧਰੀ), 17 ਨਵੰਬਰ ਨੂੰ ਲੁਧਿਆਣਾ ਵਿਖੇ ਰਾਜ ਪੱਧਰੀ ਕੁਇਜ਼ ਮੁਕਾਬਲੇ, 18 ਨਵੰਬਰ ਨੂੰ ਕਪੂਰਥਲਾ ਵਿਖੇ ਗਜ਼ਲ ਵਰਕਸ਼ਾਪ, 20 ਨਵੰਬਰ ਨੂੰ ਐਸ.ਏ.ਐਸ. ਨਗਰ ਵਿਖੇ ਪੁਸਤਕ ਮੇਲਾ ਅਤੇ ਸਾਹਿਤਕ ਮਿਲਣੀਆਂ (ਰਾਜ ਪੱਧਰੀ), 21 ਨਵੰਬਰ ਨੂੰ ਫਿਰੋਜ਼ਪੁਰ ਵਿਖੇ ਪੰਜਾਬੀ ਭਾਸ਼ਾ ਦੀ ਮੌਜੂਦਾ ਸਥਿਤੀ ‘ਤੇ ਲੈਕਚਰ ਤੇ ਪੁਸਤਕ ਰਿਲੀਜ਼ ਸਮਾਰੋਹ, 22 ਨਵੰਬਰ ਨੂੰ ਫਰੀਦਕੋਟ ਵਿਖੇ ਬਾਬਾ ਸ਼ੇਖ ਫਰੀਦ ਜੀ ਦੀ 850 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ (ਰਾਜ ਪੱਧਰੀ), 23 ਨਵੰਬਰ ਨੂੰ ਫਾਜ਼ਿਲਕਾ ਵਿਖੇ ਪੰਜਾਬੀ ਨਾਟਕ ਮੇਲਾ (ਰਾਜ ਪੱਧਰੀ), 24 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਲੇਖਕ ਮਿਲਣੀ/ ਰੂਬੁਰੂ ਸਮਾਗਮ, 25 ਨਵੰਬਰ ਨੂੰ ਬਠਿੰਡਾ ਵਿਖੇ ਨਾਟਕ ਵਰਕਸ਼ਾਪ, 28 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਲੇਖਕ ਮਿਲਣੀ ਤੇ ਪੰਜਾਬੀ ਭਾਸ਼ਾ ਬਾਰੇ ਸੈਮੀਨਾਰ, 29 ਨਵੰਬਰ ਨੂੰ ਗੁਰਦਾਸਪੁਰ ਵਿਖੇ ਪੰਜਾਬੀ ਗੀਤਕਾਰੀ ਅਤੇ ਗਾਇਕੀ ਸਬੰਧੀ ਸੈਮੀਨਾਰ ਹੋਵੇਗਾ।
ਇਸ ਮਾਹ ਦੇ ਆਖਰੀ ਦਿਨ 30 ਨਵੰਬਰ ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਵਿਦਾਇਗੀ ਸਮਾਰੋਹ ਦੌਰਾਨ ਸਰਵੋਤਮ ਹਿੰਦੀ, ਸੰਸਕ੍ਰਿਤ ਤੇ ਉਰਦੂ ਪੁਰਸਕਾਰ ਵੰਡੇ ਜਾਣਗੇ। ਇਸ ਦੇ ਨਾਲ ਹੀ ਸਾਹਿਤਕ ਤੇ ਸੱਭਿਆਚਾਰਕ ਸਮਾਗਮ (ਰਾਜ ਪੱਧਰੀ) ਕਰਵਾਇਆ ਜਾਵੇਗਾ।