ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਦੁਆਰਾ: Punjab Bani ਪ੍ਰਕਾਸ਼ਿਤ :Wednesday, 15 November, 2023, 08:03 PM

ਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ
ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ, ਕਿਸਾਨ ਆਗੂਆਂ ਨੂੰ ਜਾਗਰੂਕ ਕਰਨ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼
ਸਪੈਸ਼ਲ ਡੀਜੀਪੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ:
ਪਰਾਲੀ ਸਾੜਨ ‘ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।
ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ।
ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।
ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।



Scroll to Top