ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਸਹਾਇਕ ਕਿੱਤੇ ਅਪਣਾਉਣ ਦਾ ਸੱਦਾ
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਸਹਾਇਕ ਕਿੱਤੇ ਅਪਣਾਉਣ ਦਾ ਸੱਦਾ
-ਪਰਾਲੀ ਪ੍ਰਬੰਧਨ ਲਈ ਕਿਸਾਨ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਕੈਬਨਿਟ ਮੰਤਰੀ
-ਕਿਹਾ, ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ
-ਨਾਭਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਉਦਘਾਟਨ
ਨਾਭਾ, 27 ਸਤੰਬਰ:
ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਆਮਦਨ ਵਧਾਉਣ ਲਈ ਸਹਾਇਕ ਕਿੱਤੇ, ਬਾਗਬਾਨੀ, ਫਲ ਅਤੇ ਸਬਜ਼ੀਆਂ ਅਗਾਉਣਾ ਦਾ ਸੱਦਾ ਦਿੱਤਾ ਹੈ। ਉਹ ਅੱਜ ਨਾਭਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਭਰ ‘ਚੋਂ ਪੁੱਜੇ ਵੱਡੀ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਸ਼ੂ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ, ਫੁੱਲਾਂ ਦੀ ਕਾਸ਼ਤ ਅਪਣਾ ਕੇ ਇਨ੍ਹਾਂ ਤੋਂ ਵੱਧ ਆਮਦਨ ਲੈਣ ਲਈ ਇਸ ਦੀ ਬਰਾਂਡਿੰਗ ਤੇ ਮਾਰਕੀਟਿੰਗ ਵੱਲ ਵੀ ਧਿਆਨ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਹਾਇਕ ਕਿੱਤਾ ਸ਼ੁਰੂ ਕਰਨ ਵਾਲਿਆਂ ਨੂੰ ਜਿਥੇ ਟਰੇਨਿੰਗ ਦਿੱਤੀ ਜਾਂਦੀ ਹੈ, ਉਥੇ ਹੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕਰਨ ਵਾਲੇ 35 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਤ ਕਰਨ ਮਗਰੋਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਤਜਰਬਿਆਂ ਤੋਂ ਬਾਕੀ ਕਿਸਾਨ ਵੀ ਸੇਧ ਲੈਣ ਅਤੇ ਸਾਡੇ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਰਸਤੇ ‘ਤੇ ਚਲਦਿਆਂ ਧਰਤੀ, ਪਾਣੀ ਤੇ ਹਵਾ ਨੂੰ ਪਲੀਤ ਹੋਣ ਤੋਂ ਰੋਕਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।
ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਮੁੱਖ ਮਕਸਦ ਕਿਸਾਨਾਂ ਨੂੰ ਆਉਣ ਵਾਲੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣਾ ਅਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਨਾਲ ਫ਼ਸਲ ਅਤੇ ਮਨੁੱਖ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਸੁਚੇਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਵੀਨਤਮ ਤਕਨੀਕਾਂ ਇਨ ਸੀਟੂ ਅਤੇ ਐਕਸ ਸੀਟੂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਪ੍ਰਬੰਧਨ ਕਰ ਸਕਦੇ ਹਨ ਤੇ ਇਨ੍ਹਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਕੈਂਪ ਦੌਰਾਨ ਮਾਹਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਅਮਲ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਪਰਾਲੀ ਦੀ ਵਰਤੋਂ ਖਾਦ ਸਮੇਤ ਇੰਡਸਟਰੀ ਵਿੱਚ ਬਾਲਣ ਦੇ ਰੂਪ ਵਿੱਚ ਕਰਨ ਸਬੰਧੀ ਵੀ ਪੂਰੀ ਰਣਨੀਤੀ ਤਿਆਰ ਕੀਤੀ ਗਈ ਹੈ।
ਕੈਂਪ ਦੇ ਤਕਨੀਕੀ ਸ਼ੈਸ਼ਨ ਦੌਰਾਨ ਪੀ.ਏ.ਯੂ ਤੇ ਖੇਤੀ ਵਿਭਾਗ ਦੇ ਮਾਹਰਾਂ ਨੇ ਭਰਪੂਰ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ‘ਚ ਪਸ਼ੂ ਪਾਲਣ, ਮੱਛੀ ਪਾਲਣ, ਭੂਮੀ ਰੱਖਿਆ ਆਦਿ ਵਿਭਾਗਾਂ ਤੇ ਮਾਰਕਫੈਡ, ਖੇਤੀਬਾੜੀ ਮਸ਼ੀਨਰੀ ਅਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ, ਰਵਿੰਦਰਪਾਲ ਸਿੰਘ ਚੱਠਾ, ਬਲਾਕ ਖੇਤੀਬਾੜੀ ਅਫ਼ਸਰ ਕੁਲਦੀਪ ਇੰਦਰ ਸਿੰਘ ਢਿਲੋ, ਸਤੀਸ਼ ਕੁਮਾਰ, ਗੁਰਦੇਵ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਸ਼ੇਰ ਸਿੰਘ, ਡਾ. ਗੁਰਉਪਦੇਸ਼ ਕੌਰ, ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।