ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 27 September, 2023, 04:03 PM

ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਘਰ ਵਿਜੀਲੈਂਸ ਟੀਮ ਨੇ ਮਾਰਿਆ ਛਾਪਾ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ
ਪਟਿਆਲਾ : ਵਿਜੀਲੈਂਸ ਬਿਊਰੋ ਦੀ ਟੀਮ ਬੁੱਧਵਾਰ ਦੀ ਸਵੇਰ ਭਰਤ ਇੰਦਰ ਚਾਹਲ ਦੇ ਘਰ ਪੁੱਜੀ। ਕਰੀਬ ਅੱਧਾ ਘੰਟਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਵੀ ਕੋਈ ਬਾਹਰ ਨਹੀਂ ਆਇਆ ਅਤੇ ਨਾ ਦਰਵਾਜ਼ਾ ਖੁੱਲ੍ਹਿਆ ਜਿਸ ਤੋਂ ਬਾਅਦ ਵਿਜੀਲੈਂਸ ਟੀਮ ਵਾਪਿਸ ਪਰਤ ਗਈ। ਵਿਜੀਲੈਂਸ ਟੀਮ ‘ਚ 2 ਔਰਤਾਂ ਸਮੇਤ ਸੱਤ ਮੈਬਰ ਸ਼ਾਮਲ ਸਨ।
ਇਨ੍ਹਾਂ ਨੇ ਮੀਡੀਆ ਨਾਲ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਦਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਚ ਸਲਾਹਕਾਰ ਵਜੋਂ ਕੈਬਨਿਟ ਰੈਂਕ ਵਾਲੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵਲੋਂ ਚਾਹਲ ਦੀ ਗ੍ਰਿਫ਼ਤਾਰੀ ਲਈ ਉਸਦੀ ਭਾਲ ਕੀਤੀ ਜਾ ਰਹੀ ਹੈ।
ਦਰਅਸਲ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿੱਖੇ ਭਰਤ ਇੰਦਰ ਸਿੰਘ ਚਾਹਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।