ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ 86541 ਮੀਟਰਿਕ ਟਨ ਝੋਨੇ ਦੀ ਆਮਦ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 86541 ਮੀਟਰਿਕ ਟਨ ਝੋਨੇ ਦੀ ਆਮਦ
ਪਟਿਆਲਾ, 7 ਅਕਤੂਬਰ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 77 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 71 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 86541 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 82421 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 25331 ਮੀਟਰਿਕ ਟਨ, ਮਾਰਕਫੈਡ ਵੱਲੋਂ 16707 ਮੀਟਰਿਕ ਟਨ, ਪਨਸਪ ਵੱਲੋਂ 16853 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 12887 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਇਸ ਸਬੰਧੀ ਵਟਸ ਐਪ ਚੈਟ ਬੋਟ ਨੰਬਰ 7380016070 ‘ਤੇ ਐਸ.ਐਸ.ਏ ਲਿਖਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਜਾਣਕਾਰੀ ਲੈ ਸਕਦੇ ਹਨ।