ਹਾਈ ਕੋਰਟ ਪਹੁੰਚੇ ਰਾਘਵ ਚੱਢਾ, 'ਆਪ' ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 10 October, 2023, 07:55 PM

ਹਾਈ ਕੋਰਟ ਪਹੁੰਚੇ ਰਾਘਵ ਚੱਢਾ, ‘ਆਪ’ ਨੇਤਾ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਾਈਪ-ਸੈਵਨ ਬੰਗਲਾ ਖ਼ਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਵਿਰੁੱਧ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਪਟੀਸ਼ਨ ‘ਤੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੀ ਬੈਂਚ ਨੂੰ ਤੁਰੰਤ ਸੁਣਵਾਈ ਲਈ ਕਿਹਾ, ਜਿਸ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਬੁੱਧਵਾਰ ਯਾਨੀ 11 ਅਕਤੂਬਰ ਸੁਣਵਾਈ ਲਈ ਤੈਅ ਕਰ ਦਿੱਤੀ।ਰਾਘਵ ਚੱਢਾ ਦੇ ਵਕੀਲ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਨੋਟਿਸ ਦਿੱਤਾ ਗਿਆ ਹੈ ਅਤੇ ਬੰਗਲੇ ਤੋਂ ਬੇਦਖਲੀ ਦੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਟ੍ਰਾਇਲ ਕੋਰਟ ਵੱਲੋਂ ਸਟੇਅ ਸੀ ਪਰ ਹੁਣ ਅਦਾਲਤ ਨੇ ਇਸ ਨੂੰ ਹਟਾ ਦਿੱਤਾ ਹੈ।
ਟ੍ਰਾਇਲ ਕੋਰਟ ਨੇ 5 ਅਕਤੂਬਰ ਦੇ ਆਪਣੇ ਹੁਕਮ ਵਿਚ ਕਿਹਾ ਹੈ ਕਿ ਚੱਢਾ ਇਹ ਦਾਅਵਾ ਨਹੀਂ ਕਰ ਸਕਦਾ ਕਿ ਅਲਾਟਮੈਂਟ ਰੱਦ ਹੋਣ ਤੋਂ ਬਾਅਦ ਵੀ ਉਸ ਕੋਲ ਰਾਜ ਸਭਾ ਮੈਂਬਰ ਵਜੋਂ ਆਪਣੇ ਪੂਰੇ ਕਾਰਜਕਾਲ ਦੌਰਾਨ ਸਰਕਾਰੀ ਬੰਗਲੇ ‘ਤੇ ਕਬਜ਼ਾ ਜਾਰੀ ਰੱਖਣ ਦਾ ਪੂਰਾ ਅਧਿਕਾਰ ਹੈ।ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਰਾਘਵ ਚੱਢਾ ਨੂੰ ਦਿੱਤੇ ਗਏ ਟਾਈਪ-ਸੈਵਨ ਸਰਕਾਰੀ ਬੰਗਲੇ ਨੂੰ ਖਾਲੀ ਕਰਨ ਦੇ ਰਾਜ ਸਭਾ ਸਕੱਤਰੇਤ ਦੇ ਹੁਕਮਾਂ ‘ਤੇ ਅੰਤਰਿਮ ਰੋਕ ਹਟਾ ਦਿੱਤੀ ਸੀ। ਸਟੇਅ ਨੂੰ ਹਟਾਉਂਦਿਆਂ ਅਦਾਲਤ ਨੇ ਕਿਹਾ ਕਿ ‘ਆਪ’ ਨੇਤਾ ਨੂੰ ਵਿਸ਼ੇਸ਼ ਅਧਿਕਾਰ ਤਹਿਤ ਟਾਈਪ-ਸੈਵਨ ਬੰਗਲਾ ਦਿੱਤਾ ਗਿਆ ਸੀ। ਹੁਣ ਇਨ੍ਹਾਂ ਵਿਸ਼ੇਸ਼ ਅਧਿਕਾਰਾਂ ਨੂੰ ਵਾਪਸ ਲੈਣ ਅਤੇ ਬੰਗਲੇ ਦੀ ਅਲਾਟਮੈਂਟ ਨੂੰ ਰੱਦ ਕਰਨ ਦੇ ਹੁਕਮਾਂ ਵਿਚ ਉਨ੍ਹਾਂ ਦੇ ਬੰਗਲੇ ‘ਤੇ ਕਬਜ਼ਾ ਜਾਰੀ ਰੱਖਣ ਦਾ ਕੋਈ ਵਾਜਬ ਨਹੀਂ ਹੈ। ਹੁਣ ‘ਆਪ’ ਆਗੂ ਨੂੰ ਇਹ ਸਰਕਾਰੀ ਬੰਗਲਾ ਖ਼ਾਲੀ ਕਰਨਾ ਪਵੇਗਾ।



Scroll to Top