ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਦੇ ਹੱਕ ਵਿੱਚ ਤਿੰਨ ਰੋਜ਼ਾ ਧਰਨੇ ਵਿੱਚ ਪਰਿਵਾਰਾਂ ਸਮੇਤ ਪੁੱਜਣਗੇ ਸੰਗਰੂਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 10 October, 2023, 07:58 PM

ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਮੰਗਾਂ ਦੇ ਹੱਕ ਵਿੱਚ ਤਿੰਨ ਰੋਜ਼ਾ ਧਰਨੇ ਵਿੱਚ ਪਰਿਵਾਰਾਂ ਸਮੇਤ ਪੁੱਜਣਗੇ ਸੰਗਰੂਰ

ਸੰਗਰੂਰ,10 ਅਕਤੂਬਰ : ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਵੱਲੋਂ ਲੜੀਵਾਰ ਸੰਘਰਸ਼ ਦੇ ਹਿੱਸੇ ਵਜੋਂ 13, 14 ਅਤੇ 15 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵਿਸ਼ਾਲ ਤਿੰਨ ਰੋਜ਼ਾ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਪਰਮਵੀਰ ਸਿੰਘ ਪੰਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਪਿਛਲੇ ਸਾਲ 15 ਸਤੰਬਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਦੀਵਾਲੀ ਦੇ ਮੌਕੇ ‘ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਦੀਵਾਲੀ ਦਾ ਤੋਹਫਾ ਦੇਣ ਦਾ ਜਨਤਕ ਤੌਰ ‘ਤੇ ਐਲਾਨ ਕੀਤਾ ਗਿਆ ਸੀ, ਪਰ ਜਿਵੇਂ ਹੀ ਦਿੱਲੀ, ਗੁਜਰਾਤ ਅਤੇ ਹਿਮਾਚਲ ਦੀਆਂ ਚੋਣਾਂ ਲੰਘੀਆਂ, ਉਹ ਆਪਣੇ ਸ਼ਬਦਾਂ ਤੋਂ ਪਿੱਛੇ ਹਟ ਗਏ, ਜੋ ਕਿ ਨਿਰਾਸ਼ਾਜਨਕ ਹੈ। ਹੁਣ ਸਿੱਖਿਆ ਮੰਤਰੀ ਉਨ੍ਹਾਂ ਦੀ ਗੱਲ ਸੁਣਨਾ ਵੀ ਪਸੰਦ ਨਹੀਂ ਕਰਦੇ। ਪੰਮੀ ਨੇ ਕਿਹਾ ਕਿ ਹਾਥੀ ਵਾਂਗ ਪੰਜਾਬ ਸਰਕਾਰ ਦੇ ਖਾਣ ਲਈ ਦੰਦ ਹੋਰ ਅਤੇ ਦਿਖਾਉਣ ਦੇ ਦੰਦ ਹੋਰ ਹਨ। ਉਨ੍ਹਾਂ ਕਿਹਾ ਕਿ ਜੇਕਰ ਕੰਪਿਊਟਰ ਅਧਿਆਪਕਾਂ ਪ੍ਰਤੀ ਸਰਕਾਰ ਦਾ ਰਵੱਈਆ ਇਸੇ ਤਰ੍ਹਾਂ ਰਿਹਾ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਜਿਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕੋਈ ਨਵੀਂ ਮੰਗ ਨਹੀਂ ਹੈ। ਪੰਜਾਬ ਸਰਕਾਰ ਵੱਲੋਂ 2011 ਵਿੱਚ ਇਨ੍ਹਾਂ ਨੂੰ ਰੈਗੂਲਰ ਕੀਤਾ ਗਿਆ ਸੀ ਪਰ ਰੈਗੂਲਰ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਗਿਆ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਕੰਪਿਊਟਰ ਅਧਿਆਪਕਾਂ ਦੇ ਸਾਰੇ ਅਧਿਕਾਰ ਬਹਾਲ ਕਰਨ ਅਤੇ ਉਨ੍ਹਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਵੀ ਹੋਰਨਾਂ ਅਧਿਆਪਕਾਂ ਵਾਂਗ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦਿੱਤਾ ਜਾਵੇ, ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸੀਐਸਆਰ ਨਿਯਮਾਂ ਤਹਿਤ ਉਨ੍ਹਾਂ ਨੂੰ ਬਣਦੇ ਸਾਰੇ ਲਾਭ ਦਿੱਤੇ ਜਾਣ। ਪਿਛਲੇ ਸਮੇਂ ਦੌਰਾਨ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਕਿਸੇ ਵੀ ਕਾਰਨ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੌਕਰੀ ਅਤੇ ਵਿੱਤੀ ਲਾਭ ਦਿੱਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਨੀ ਗਰਗ, ਮਨਪ੍ਰੀਤ ਸਿੰਘ ਪਟਿਆਲਾ, ਗਗਨਦੀਪ ਸਿੰਘ ਅੰਮ੍ਰਿਤਸਰ, ਧਿਆਨ ਸਿੰਘ, ਜਸਪਾਲ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਬਲਜੀਤ ਸਿੱਧੂ, ਪਰਮਜੀਤ ਸਿੰਘ, ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ, ਗਿਆਨ ਸਿੰਘ ਆਦਿ ਹਾਜ਼ਰ ਸਨ।



Scroll to Top