ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 4 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਂਦਿਆਂ ਪੇਸ਼ੇਵਰ ਸਮਰਪਣ ਦਾ ਮੁਜ਼ਾਹਰਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਨੌਜਵਾਨਾਂ ਨੂੰ ਆਪਣੀ ਡਿਊਟੀ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ।